DEO ਐਲੀਮੈਂਟਰੀ ਕਮਲਦੀਪ ਕੌਰ ਅਤੇ ਡਿਪਟੀ DEO ਐਲੀਮੈਂਟਰੀ ਡੀਜੀ ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ
ਅਧਿਕਾਰੀਆਂ ਨੇ ਆਪਣੇ ਦੌਰੇ ਦੌਰਾਨ ਸਕੂਲਾਂ ਵਿੱਚ ਅਸੁਰੱਖਿਅਤ ਬਿਲਡਿੰਗਾਂ, ਬੱਚਿਆਂ ਦੀ ਸੁਰੱਖਿਆ ਅਤੇ ਵੱਖ ਵੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਪਠਾਨਕੋਟ
ਡਿਪਟੀ ਕਮਿਸ਼ਨਰ ਪਠਾਨਕੋਟ ਅਦਿਤਿਆ ਉੱਪਲ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਦੇ ਦੌਰੇ ਕਰਕੇ ਸਕੂਲ ਵਿੱਚ ਅਸੁਰੱਖਿਅਤ ਬਿਲਡਿੰਗਾਂ ਅਤੇ ਬੱਚਿਆਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਜਿਥੇ ਉਨ੍ਹਾਂ ਵੱਲੋਂ ਸਕੂਲ ਵਿੱਚ ਚੱਲ ਰਹੇ ਮਿਸ਼ਨ ਸਮਰਥ ਦਾ ਜਾਇਜ਼ਾ ਵੀ ਲਿਆ ਗਿਆ ਉਥੇ ਹੀ ਮਿਡ ਡੇ ਮੀਲ ਦੀ ਗੁਣਵੱਤਾ ਨੂੰ ਵੀ ਜਾਂਚਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਦੱਸਿਆ ਕਿ ਬਾਰਿਸ਼ ਅਤੇ ਹੜਾਂ ਕਾਰਨ ਸਕੂਲਾਂ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਅਦਿਤਿਆ ਉੱਪਲ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਜੂਪੂਰ, ਸਰਕਾਰੀ ਪ੍ਰਾਇਮਰੀ ਸਕੂਲ ਐਮਾਂ ਚੰਗਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਿਰਜ਼ਾਪੁਰ ਦਾ ਦੌਰਾ ਕੀਤਾ ਗਿਆ, ਜਦਕਿ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਹਲੀਆ, ਸਰਕਾਰੀ ਪ੍ਰਾਇਮਰੀ ਸਕੂਲ ਕਿਲਪੁਰ, ਸਰਕਾਰੀ ਮਿਡਲ ਸਕੂਲ਼ ਕਿਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਅਨਿਆਲ, ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ, ਸਰਕਾਰੀ ਪ੍ਰਾਇਮਰੀ ਸਕੂਲ ਬਮਿਆਲ, ਸਰਕਾਰੀ ਪ੍ਰਾਇਮਰੀ ਸਕੂਲ ਕਥਲੋਰ ਅਤੇ ਦਫਤਰ ਬਲਾਕ ਪ੍ਰਾਇਮਰੀ ਅਫ਼ਸਰ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਸਕੂਲਾਂ ਦੀਆਂ ਅਸੁਰੱਖਿਅਤ ਬਿਲਡਿੰਗਾਂ ਅਤੇ ਬੱਚਿਆਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ, ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਵਿੱਚ ਮਿਸ਼ਨ ਸਮਰਥ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ, ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ ਡੇ ਮੀਲ, ਮਿਡ ਡੇ ਮੀਲ ਬਣਾਉਣ ਲਈ ਵਰਤੇ ਜਾਂਦੇ ਭਾਂਡਿਆਂ, ਬੱਚਿਆਂ ਦੀ ਹਾਜ਼ਰੀ ਅਤੇ ਸਕੂਲਾਂ ਵਿੱਚ ਚੱਲ ਰਹੇ ਵੱਖ ਵੱਖ ਪ੍ਰਾਜੈਕਟਾਂ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਤੇ ਸਮੂਹ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

