ਵੱਡੀ ਖ਼ਬਰ: SBI ਦੇ ਸਹਾਇਕ ਮੈਨੇਜਰ 10,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।