ਰਾਜ ਪੱਧਰੀ ਮੁਕਾਬਲਿਆਂ ‘ਚ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਿਲਣਗੇ 51000 , 31000 ਅਤੇ 21000 ਰੁਪਏ ਦੇ ਇਨਾਮ
ਪਠਾਨਕੋਟ
ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਠਾਨਕੋਟ ਸ੍ਰੀਮਤੀ ਕਮਲਦੀਪ ਕੌਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਠਾਨਕੋਟ ਡੀਜੀ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਦੇ ਪ੍ਰਮੁੱਖ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ‘ਵਾਤਾਵਰਣ ਦੀ ਸੁੰਦਰਤਾ ਅਤੇ ਸੁਹੱਪਣ’ ਸਿਰਲੇਖ ਹੇਠ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ ਡਾਇਟ ਲਮੀਨੀ ਵਿਖੇ ਆਯੋਜਿਤ ਕੀਤੇ ਗਏ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ ਕਲਾਂ ਦੇ ਵਿਦਿਆਰਥੀਆਂ ਦੀ ਰਹੀ ਮੁਕਾਬਲਿਆਂ ਦੌਰਾਨ ਝੰਡੀ
ਇਨ੍ਹਾਂ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ ਖੁਰਦ ਦੇ ਵਿਦਿਆਰਥੀਆਂ ਨੇ ਕਵਿਤਾ ਕਲਾਂ ਵਿੱਚ ਆਪਣੀ ਮੁਹਾਰਤ ਦਸਦੇ ਹੋਏ ਤਿੰਨੇ ਸਥਾਨ ਆਪਣੇ ਨਾਂ ਕੀਤੇ। ਚੌਥੀ ਜਮਾਤ ਦੀ ਰੌਣਕ ਨੇ ਪਹਿਲਾਂ ਸਥਾਨ, ਪੰਜਵੀਂ ਜਮਾਤ ਦੀ ਕ੍ਰਿਸ਼ਨਾ ਕੌਰ ਨੇ ਦੂਜਾ ਸਥਾਨ ਅਤੇ ਪੰਜਵੀਂ ਜਮਾਤ ਦੀ ਹੀ ਰਿਯਾ ਨੇ ਤੀਜਾ ਸਥਾਨ ਪ੍ਰਾਪਤ ਕਰ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਡੀਜੀ ਸਿੰਘ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਉਕਤ ਮੁਕਾਬਲੇ ਕਰਵਾਏ ਗਏ ਹਨ। ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਹੀ ਵਿਦਿਆਰਥੀਆਂ ਦਾ ਮਨੋਬਲ ਪੱਧਰ ਦੇਖ ਕੇ ਮਨ ਨੂੰ ਬਹੁਤ ਖ਼ੁਸ਼ੀ ਹੋਈ। ਉਹਨਾਂ ਆਖਿਆ ਕਿ ਇੰਨੇ ਵਿਦਿਆਰਥੀਆਂ ਵਿੱਚੋਂ ਚੁਣ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਾ ਆਪਣੇ ਆਪ ਵਿੱਚ ਵੱਡੀ ਗੱਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 51000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 31000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 21000 ਰੁਪਏ ਇਨਾਮ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ ਜੋ ਕਿ ਸਮੁੱਚੇ ਪੰਜਾਬ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚੋਂ ਪੜੇ ਹੋਏ ਵਿਦਿਆਰਥੀ ਮੌਜੂਦਾ ਸਮੇਂ ਡਾਕਟਰ, ਇੰਜੀਨੀਅਰ, ਅਧਿਆਪਕ, ਵਕੀਲ, ਜੱਜ ਸਮੇਤ ਹੋਰ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਰਹੇ ਹਨ। ਜੇਤੂ ਵਿਦਿਆਰਥੀਆਂ ਨੂੰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਪਠਾਨਕੋਟ ਡੀਜੀ ਸਿੰਘ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀਆਰਸੀ ਬਿਸੰਬਰ ਦਾਸ, ਬੀਆਰਸੀ ਅਧੀਰ ਮਹਾਜਨ, ਬੀਆਰਸੀ ਯੋਗੇਸ਼ ਕੁਮਾਰ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।

