ਸਾਵਧਾਨ: ਪੰਜਾਬ ‘ਚ ਡੇਂਗੂ ਅਤੇ ਚਿਕਨਗੁਨੀਆਂ ਨੇ ਮਚਾਇਆ ਕਹਿਰ, ਹਜ਼ਾਰਾਂ ਲੋਕ ਬਿਮਾਰ
ਸਾਧਾਰਨ ਸਾਵਧਾਨੀਆਂ ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ- ਡਾ. ਜਸਵਿੰਦਰ ਸਿੰਘ
ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ
Punjab News- ਪੰਜਾਬ ਵਿੱਚ ਹੜ੍ਹਾਂ ਅਤੇ ਬਰਸਾਤਾਂ ਦੇ ਕਾਰਨ ਵੱਡੇ ਪੱਧਰ ਤੇ ਲੋਕ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਤੋਂ ਪੀੜ੍ਹਤ ਹੋ ਗਏ ਹਨ। ਇਸ ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਖੁਲਾਸਾ ਕੀਤਾ ਹੈ।
ਵਿਭਾਗੀ ਜਾਣਕਾਰੀ ਅਨੁਸਾਰ, ਸਿਹਤ ਵਿਭਾਗ ਵੱਲੋਂ ਹੜ੍ਹਾਂ ਅਤੇ ਬਰਸਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੇ ਦੱਸਿਆ ਕਿ ਹੜ੍ਹਾਂ ਅਤੇ ਬਰਸਾਤਾਂ ਦਾ ਮੌਸਮ ਹੋਣ ਕਾਰਨ ਡੇਂਗੂ ਅਤੇ ਚਿਕਨਗੁਨੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆਂ ਇਲਾਜ ਯੋਗ ਹਨ। ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ।
ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ। ਤੇਜ਼ ਬੁਖ਼ਾਰ, ਸਿਰ ਦਰਦ, ਜੋੜਾਂ ਵਿੱਚ, ਦਰਦ ਅਤੇ ਸੋਜ਼, ਚਮੜੀ ਤੇ ਦਾਣੇ ਅਤੇ ਖਾਰਿਸ਼ ਆਦਿ ਚਿਕਨਗੁਨੀਆਂ ਦੇ ਲੱਛਣ ਹੋ ਸਕਦੇ ਹਨ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ।
ਉਨਾਂ ਕਿਹਾ ਕਿ ਸਾਧਾਰਨ ਸਾਵਧਾਨੀਆਂ ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਸਫ਼ਾਈ ਕੀਤੀ ਜਾਵੇ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ।
ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਬੁਖ਼ਾਰ ਹੋਣ ‘ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ, ਬੁਖ਼ਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾ ਸਕਦੀ ਹੈ।
ਉਨਾਂ ਕਿਹਾ ਕਿ ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ। ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ।
ਬੁਲਾਰੇ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਗੁਗਲ ਪਲੇ ਸਟੋਰ ਤੇ ਮੁਫ਼ਤ “ਡੇਂਗੂ ਫਰੀ ਪੰਜਾਬ” ਐਪ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲ ਵਿੱਚ ਕਰਵਾਉਣਾ ਚਾਹੀਂਦਾ ਹੈ। ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

