ਪੰਜਾਬ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀ ਅਣਦੇਖੀ! ਸਿੱਖਿਆ ਕ੍ਰਾਂਤੀ ਦਾ ਨਿਕਲਿਆ ਜਲੂਸ- ਮਨਜੀਤ ਧਨੇਰ
ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਸਾਰੇ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਕਰੇ ਲਾਗੂ – ਗੁਰਦੀਪ ਰਾਮਪੁਰਾ
ਭਾਕਿਯੂ ਏਕਤਾ ਡਕੌਂਦਾ ਕਰੇਗੀ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਸੰਘਰਸ਼ ਦੀ ਕਰੇਗੀ ਡਟਵੀਂ ਹਮਾਇਤ – ਹਰਨੇਕ ਮਹਿਮਾ
ਸੰਗਰੂਰ –
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀ ਅਣਦੇਖੀ ਅਤੇ ਮਾੜੀ ਹਾਲਤ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 28 ਸਤੰਬਰ ਨੂੰ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਅੱਠ ਜਥੇਬੰਦੀਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨਗੀਆਂ। ਅਧਿਆਪਕ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ, ਪੰਜਾਬ ਪੇਅ ਸਕੇਲ ਬਹਾਲੀ ਫਰੰਟ ਦੇ ਬੈਨਰ ਹੇਠ ਮੰਗ ਕਰ ਰਹੀਆਂ ਹਨ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ।
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਜਿਹੜਾ ਤਨਖਾਹ ਕਮਿਸ਼ਨ ਇੱਕ ਜਨਵਰੀ 2016 ਤੋਂ ਲਾਗੂ ਕੀਤਾ ਜਾਣਾ ਸੀ। ਉਹ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਤੇ ਹੁਣ ਤੱਕ ਵੀ ਲਾਗੂ ਨਹੀਂ ਕੀਤਾ ਗਿਆ। ਜੇਕਰ ਸਮੁੱਚੇ ਮੁਲਾਜ਼ਮ ਵਰਗ ਦੀ ਗੱਲ ਕਰੀਏ ਤਾਂ ਕਿਸੇ ਵੀ ਕੈਟਾਗਰੀ ਨੂੰ ਪੁਰਾਣੇ ਸਕੇਲਾਂ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਹੋਰ ਭੱਤੇ ਅਤੇ ਇਹਨਾਂ ਦਾ ਬਕਾਇਆ ਹਾਲੇ ਤੱਕ ਨਹੀਂ ਦਿੱਤਾ ਗਿਆ।
ਇਸ ਤੋਂ ਇਲਾਵਾ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਪੱਕੇ ਹੋਣ ਦੀ ਮੰਗ ਕਰ ਰਹੇ ਹਨ। ਉਹ 2014 ਤੋਂ ਉੱਕਾ ਪੁੱਕਾ ਤਨਖਾਹ ਤੇ ਕੰਮ ਕਰ ਰਹੇ ਹਨ ਜਦੋਂ ਕਿ ਭਰਤੀ ਵਾਲੇ ਨੋਟੀਫਿਕੇਸ਼ਨ ਵਿੱਚ ਪੂਰੇ ਸਕੇਲ ਅਨੁਸਾਰ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਤਨਖਾਹ ਦੇਣ ਤੋਂ ਇਨਕਾਰ ਕਰਨਾ ਕਾਨੂੰਨੀ ਤੌਰ ਤੇ ਅਪਰਾਧ ਹੈ।
ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਹਰੀਸ਼ ਨੱਢਾ ਨੇ ਐਲਾਨ ਕੀਤਾ ਕਿ 28 ਸਤੰਬਰ ਨੂੰ ਪੰਜਾਬ ਪੇਅ ਸਕੇਲ ਬਹਾਲੀ ਫਰੰਟ ਵੱਲੋਂ ਦਿੜ੍ਹਬਾ ਵਿਖੇ ਕੀਤੀ ਜਾਣ ਵਾਲੀ ਰੈਲੀ ਅਤੇ 28 ਸਤੰਬਰ ਨੂੰ ਹੀ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰੇਗੀ।
ਸੂਬਾ ਕਮੇਟੀ ਨੇ ਕਿਹਾ ਕਿ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ, ਉਹਨਾਂ ਨੂੰ ਪੂਰੀਆਂ ਤਨਖਾਹਾਂ ਨਾ ਦੇਣੀਆਂ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣੀਆਂ ਅਤੇ ਹੋਰ ਭੱਤਿਆਂ ਤੋਂ ਇਨਕਾਰੀ ਹੋਣਾ ਪੰਜਾਬ ਸਰਕਾਰ ਦੀ ਕਾਰਪੋਰੇਟ ਪੱਖੀ ਅਤੇ ਆਮ ਲੋਕਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਨੂੰ ਦਰਸਾਉਂਦਾ ਹੈ।
ਆਗੂਆਂ ਨੇ ਕਿਹਾ ਕਿ ਕਦੇ ਇਨਕਲਾਬ ਅਤੇ ਕਦੇ ਰੰਗਲਾ ਪੰਜਾਬ ਦੇ ਫੋਕੇ ਨਾਹਰਿਆਂ ਨਾਲ ਪੰਜਾਬ ਦੇ ਲੋਕਾਂ ਦਾ ਢਿੱਡ ਨਹੀਂ ਭਰਦਾ। ਸਰਕਾਰ ਮੁਲਾਜ਼ਮਾਂ ਪ੍ਰਤੀ ਆਪਣੇ ਬਣਦੇ ਫਰਜ਼ ਪੂਰੇ ਕਰੇ। ਸੂਬਾ ਕਮੇਟੀ ਨੇ ਫਿਰ ਦੁਹਰਾਇਆ ਕਿ 28 ਸਤੰਬਰ ਨੂੰ ਦਿੜ੍ਹਬਾ ਅਤੇ ਸੰਗਰੂਰ ਵਿਖੇ ਹੋਣ ਵਾਲੇ ਮੁਲਾਜ਼ਮਾਂ ਦੇ ਇਕੱਠਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ।

