ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ
ਮੌਸਮ ਵਿਭਾਗ (IMD) ਅਨੁਸਾਰ, ਇੱਕ ਨਵਾਂ ਪੱਛਮੀ ਗੜਬੜ (Western Disturbance) ਸਰਗਰਮ ਹੋ ਗਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
ਦੂਜੇ ਪਾਸੇ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ( ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ 6 ਅਤੇ 7 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਭਾਰੀ ਬਰਸਾਤ ਹੋਣ ਦੀ ਕੀਤੀ ਭਵਿੱਖਬਾਣੀ ਨੇ ਪੰਜਾਬ ਨੂੰ ਚਿੰਤਾ ਵਿਚ ਪਾ ਦਿੱਤਾ ਹੈ।
ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਪੰਜਾਬ ਵਿੱਚ ਇਨ੍ਹਾਂ ਦੋ ਦਿਨਾਂ ਦੌਰਾਨ ਔਸਤ 110 ਮਿਲੀਮੀਟਰ, ਜੰਮੂ ਖੇਤਰ ਵਿੱਚ ਕਰੀਬ 120 ਮਿਲੀਮੀਟਰ ਅਤੇ ਹਿਮਾਚਲ ਪ੍ਰਦੇਸ਼ ’ਚ ਔਸਤ 160 ਤੋਂ 180 ਮਿਲੀਮੀਟਰ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ।
IMD ਅਨੁਸਾਰ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 6-7 ਅਕਤੂਬਰ ਨੂੰ ਭਾਰੀ ਮੀਂਹ ਪਵੇਗਾ। ਪੰਜਾਬ ਦੇ ਖ਼ਾਸ ਕਰ ਕੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਰਣਜੀਤ ਸਾਗਰ ਡੈਮ ਤੋਂ ਮੁੜ ਪਾਣੀ ਛੱਡਿਆ
ਸੂਬਾ ਸਰਕਾਰ ਨੇ ਨਵੀਂ ਚੁਣੌਤੀ ਦੇ ਮੱਦੇਨਜ਼ਰ ਰਣਜੀਤ ਸਾਗਰ ਡੈਮ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਰਾਵੀ ਵਿੱਚ ਹੋਰ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਤੱਕ ਰਣਜੀਤ ਸਾਗਰ ਡੈਮ ’ਚੋਂ 10 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।
ਕੱਲ੍ਹ ਤੱਕ 20,362 ਕਿਊਸਿਕ ਅਤੇ 2 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਤੋਂ 37,686 ਕਿਊਸਿਕ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਹੈ।

