Punjab News: ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨ-ਮਜ਼ਦੂਰ ਫੂਕਣਗੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ
ਅੰਮ੍ਰਿਤਸਰ:
Punjab News: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਆਉਣ ਵਾਲੀਆਂ ਰਣਨੀਤੀਆਂ ਦਾ ਵੀ ਐਲਾਨ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ, ਪਰਾਲੀ ਸਾੜਨ ‘ਤੇ ਕਿਸਾਨਾਂ ਖਿਲਾਫ ਦਰਜ ਹੋ ਰਹੇ ਮਾਮਲੇ, ਹੜ੍ਹਾਂ ਦਾ ਨਾਕਾਫੀ ਮੁਆਵਜ਼ਾ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ 6 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਸੈਂਕੜੇ ਥਾਵਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ।
ਬਿਜਲੀ ਦੇ ਨਿੱਜੀਕਰਨ (Privatization) ਖਿਲਾਫ ਇੱਕ ਵੱਡੀ ਰਣਨੀਤੀ ਬਣਾਉਣ ਲਈ 15 ਅਕਤੂਬਰ ਨੂੰ ਬਿਜਲੀ ਕਰਮਚਾਰੀਆਂ ਦੀਆਂ ਜਥੇਬੰਦੀਆਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ।
ਪਰਾਲੀ ਅਤੇ ਲਖੀਮਪੁਰ ਖੀਰੀ ‘ਤੇ ਵੀ ਚੁੱਕੇ ਸਵਾਲ
ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ਨੂੰ ਲੈ ਕੇ ਸਿਰਫ਼ ਕਿਸਾਨਾਂ ਨੂੰ ਖਲਨਾਇਕ ਬਣਾਇਆ ਜਾ ਰਿਹਾ ਹੈ, ਜੋ ਪ੍ਰਦੂਸ਼ਣ ਵਿੱਚ ਸਿਰਫ਼ 6% ਦਾ ਯੋਗਦਾਨ ਪਾਉਂਦੇ ਹਨ, ਜਦੋਂ ਕਿ 94% ਪ੍ਰਦੂਸ਼ਣ ਫੈਲਾਉਣ ਵਾਲੇ ਕਾਰਪੋਰੇਟ ਘਰਾਣਿਆਂ ਦਾ ਕੋਈ ਜ਼ਿਕਰ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨਹੀਂ ਸਾੜਨਾ ਚਾਹੁੰਦਾ, ਪਰ ਸਰਕਾਰ ਉਸ ਨੂੰ ਨਾ ਤਾਂ ਕੋਈ ਬਦਲ ਦੇ ਰਹੀ ਹੈ ਅਤੇ ਨਾ ਹੀ 23 ਫਸਲਾਂ ‘ਤੇ MSP ਦੀ ਗਾਰੰਟੀ ਦਾ ਕਾਨੂੰਨ ਬਣਾ ਰਹੀ ਹੈ।
ਕਮੇਟੀ ਨੇ ਐਲਾਨ ਕੀਤਾ ਕਿ 3 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਭਵਨ ਤੋਂ ਸੈਕਟਰ 17 ਤੱਕ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿੱਚ ਇੱਕ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਰਾਹੀਂ ਅਜੈ ਮਿਸ਼ਰਾ ਟੇਨੀ ਅਤੇ ਅਸ਼ੀਸ਼ ਮਿਸ਼ਰਾ ਸਮੇਤ ਸਾਰੇ ਦੋਸ਼ੀਆਂ ਲਈ ਸਜ਼ਾ ਦੀ ਮੰਗ ਕੀਤੀ ਜਾਵੇਗੀ।

