ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦੈ, CM ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਨੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਸੀਐੱਮ ਭਗਵੰਤ ਮਾਨ ਦੇ ਵਲੋਂ ਅੱਜ ਉੱਚ ਪੱਧਰੀ ਮੀਟਿੰਗ ਸੱਦ ਲਈ ਗਈ ਹੈ। ਇਸ ਮੀਟਿੰਗ ਵਿਚ ਕਈ ਮੁੱਦੇ ਵਿਚਾਰਣ ਤੋਂ ਇਲਾਵਾ ਚੋਣਾਂ ਦੇ ਐਲਾਨ ਬਾਰੇ ਚਰਚਾ ਹੋ ਸਕਦੀ ਹੈ। ਹਾਲਾਂਕਿ ਚੋਣਾਂ ਦਾ ਐਲਾਨ ਰਾਜ ਚੋਣ ਕਮਿਸ਼ਨ ਨੇ ਹੀ ਕਰਨਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡ ਬੰਦੀ ਅਤੇ ਰਾਖਵੇਂ ਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।
ਇਸ ਵਾਰ ਪੰਚਾਇਤੀ ਚੋਣਾਂ ਲਈ ਵੋਟਰ ਸੂਚੀ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਦੀ ਵੋਟਰ ਸੂਚੀ ਅਨੁਸਾਰ ਤਿਆਰ ਕੀਤੀ ਜਾਵੇਗੀ। ਹਾਲਾਂਕਿ ਜੇਕਰ ਇਸ ਸਮੇਂ ਦੌਰਾਨ ਕਿਸੇ ਦੀ ਵੋਟ ਨਹੀਂ ਬਣੀ ਤਾਂ ਉਹ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਪਣੀ ਵੋਟ ਵੀ ਬਣਵਾ ਸਕਦਾ ਹੈ।
ਰਾਜ ਵਿਚ ਪੰਚਾਇਤਾਂ ਦਾ ਕਾਰਜਕਾਲ ਦਸੰਬਰ 2023 ਦੇ ਅੰਤ ਵਿਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਪੰਚਾਇਤਾਂ ਦੇ ਪ੍ਰਸ਼ਾਸ਼ਕ ਲਗਾ ਦਿੱਤੇ ਗਏ ਸਨ ਪਰ ਇਸ ਦੌਰਾਨ ਲੋਕ ਸਭਾ ਚੋਣਾਂ ਕਾਰਨ ਇਹ ਚੋਣਾਂ ਨਹੀਂ ਹੋ ਸਕੀਆਂ ਸਨ। ਪਰ ਹੁਣ ਜਦੋਂ ਲੋਕ ਸਭਾ ਚੋਣਾਂ ਹੋ ਗਈਆਂ ਹਨ ਤਾਂ ਸਰਕਾਰ ਨੇ ਪੰਚਾਇਤੀ ਚੋਣ ਲਈ ਕਾਰਵਾਈ ਸ਼ੁਰੂ ਕੀਤੀ ਹੈ।