Punjab Politics- ਤਰਨਤਾਰਨ ਜ਼ਿਮਨੀ ਚੋਣ ਲਈ 4 ਵੱਡੀਆਂ ਪਾਰਟੀਆਂ ਨੇ ਐਲਾਨੇ ਉਮੀਦਵਾਰ, ਪੜ੍ਹੋ ਪੂਰੀ ਰਿਪੋਰਟ
ਸਟੇਟ ਡੈਸਕ, ਚੰਡੀਗੜ੍ਹ-
Punjab Politics- ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।
ਬੇਸ਼ੱਕ, ਤਰਨਤਾਰਨ ਜ਼ਿਮਨੀ ਚੋਣ ਲਈ ਚੋਣ ਬਿਗਲ ਨਹੀਂ ਵੱਜਿਆ, ਪਰ ਉਸ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਆਪੋ ਆਪਣੇ ਉਮੀਦਵਾਰ ਐਲਾਨ ਨੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਦੀਆਂ ਮੁੱਖ ਚਾਰ ਪਾਰਟੀਆਂ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਵੱਲੋਂ ਆਪੋ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ।
ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਵੱਲੋਂ ਹਰਮੀਤ ਸਿੰਘ ਸੰਧੂ ਨੂੰ, ਅਕਾਲੀ ਦਲ ਦੇ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ, ਕਾਂਗਰਸ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ, ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
ਹੇਠਾਂ ਪੜੋ ਵੱਖੋ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਪੂਰਾ ਵੇਰਵਾ
ਸੀ ਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹੋਣਗੇ। ਦੱਸ ਦਈਏ ਕਿ ਇਸੇ ਸਾਲ ਜੁਲਾਈ ਵਿੱਚ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ।
ਹਰਮੀਤ ਸਿੰਘ ਸੰਧੂ ਨੇ 2002 ਵਿੱਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਵੀ ਜਿੱਤ ਦਰਜ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੂੰ 2017 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ 2022 ਵਿੱਚ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ। ਹਾਲਾਂਕਿ, ਉਹ ਜਿੱਤ ਨਹੀਂ ਸਕੇ। ਉਹ ਦੂਜੇ ਸਥਾਨ ‘ਤੇ ਰਹੇ।
ਅਕਾਲੀ ਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ| ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ’ਚ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਸੀ।
ਭਾਰਤੀ ਜਨਤਾ ਪਾਰਟੀ (BJP) ਦੇ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਵੱਲੋਂ ਸੀਨੀਅਰ ਭਾਜਪਾਈ ਲੀਡਰ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਦੱਸਦੇ ਚੱਲੀਏ ਹਰਜੀਤ ਸਿੰਘ ਸੰਧੂ ਪਾਰਟੀ ਦੇ ਕਾਫ਼ੀ ਸਰਗਰਮ ਆਗੂ ਹਨ ਅਤੇ ਕਾਫ਼ੀ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ।
ਕਾਂਗਰਸ ਪਾਰਟੀ ਦੇ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਦੇ ਲਈ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਕਰਨਬੀਰ ਸਿੰਘ ਬੁਰਜ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ।

