Punjab News- ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ
Punjab News-
ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫਤਰ ਦਾ ਘਿਰਾਓ ਕੀਤਾ ਗਿਆ। ਯੂਨੀਅਨ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਜੋ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਪਰ ਇਹ ਬੇਰੁਜ਼ਗਾਰ ਅਧਿਆਪਕਾਂ ਲਈ ਸੁਪਨਾ ਬਣ ਕੇ ਰਹਿ ਗਿਆ।
ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਨੂੰ ਆਏ ਹਨ। ਪਰ ਸਰਕਾਰ ਦੇ ਵੱਲੋਂ ਇੱਕ ਵੀ ਈ ਟੀ ਟੀ ਕੇਡਰ ਦੀ ਭਰਤੀ ਦਾ ਕੋਈ ਵੀ ਨਵਾਂ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਸਿਰਫ਼ ਡੰਗ ਟਪਾਊ ਨੀਤੀਆਂ ਵਰਤ ਕੇ ਸਮਾਂ ਲੰਘਾਇਆ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਜ਼ਿੰਦਗੀ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਭਰਤੀ ਵਿਚ ਦੇਰੀ ਕਾਰਨ ਸਾਡੇ ਬਹੁਤ ਸਾਰੇ ਸਾਥੀਆਂ ਦੀ ਉਮਰ ਹੱਦ ਲੰਘ ਰਹੀ ਹੈ।
ਇਸ ਕਾਰਨ ਉਨ੍ਹਾਂ ਦੀ ਜਿੰਦਗੀ ਨਾਲ ਖਿਲਵਾੜ ਹੋਣ ਦਾ ਖਤਰਾ ਹੈ। ਪਿਛਲੀ ਦਿਨੀ ਯੂਨੀਅਨ ਵੱਲੋਂ ਸੰਗਰੂਰ ਰਿਹਾਇਸ਼ ਮਾਨਯੋਗ ਮੁੱਖ ਮੰਤਰੀ ਪੰਜਾਬ ਵਿੱਖੇ ਰੋਸ ਮਾਰਚ ਰੱਖਿਆ ਗਿਆ ਸੀ ਜਿਸਦੇ ਬਦਲੇ ਪ੍ਰਸ਼ਾਸਨ ਵਲੋਂ ਯੂਨੀਅਨ ਆਗੂਆਂ ਨੂੰ ਸਿੱਖਿਆ ਮੰਤਰੀ ਜੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰੰਤੂ ਉਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਜੀ ਹਾਜਰ ਨਹੀ ਹੋਏ ਅਤੇ ਯੂਨੀਅਨ ਆਗੂਆਂ ਨੂੰ ਨਿਰਾਸ਼ ਹੋ ਕੇ ਵਾਪਿਸ ਪਰਤਣਾ ਪਿਆ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਜ਼ਲਦ ਹੀ ਪੰਜਾਬ ਸਰਕਾਰ ਨੂੰ ਹਰ ਮੋੜ ਤੇ ਘੇਰਿਆ ਜਾਵੇਗਾ ਅਤੇ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹਨਾਂ ਨੂੰ ਇਕ ਵੱਡੀ ਗਿਣਤੀ ਵਿੱਚ ਈਟੀਟੀ ਦੀਆਂ ਨਵੀਆਂ ਪੋਸਟਾਂ ਦਾ ਇਸ਼ਤਿਹਾਰ ਦੇਖਣ ਨੂੰ ਨਹੀ ਮਿਲ ਜਾਂਦਾ। ਇਸ ਮੌਕੇ ਸੂਬਾ ਪ੍ਰਧਾਨ ਸੁਨੀਲ ਫਾਜ਼ਿਲਕਾ, ਉਪ ਪ੍ਰਧਾਨ ਸਲਵਿੰਦਰ ਸਿੰਘ, ਪ੍ਰੈਸ ਸਕੱਤਰ ਅੰਕੁਸ਼ ਕੰਬੋਜ, ਸਲਾਹਕਾਰ ਅਮਨ ਕੰਬੋਜ, ਆਂਚਲ, ਪਰਮਜੀਤ ਸਿੰਘ, ਕੁਲਬੀਰ ਸਿੰਘ ਤੋਂ ਇਲਾਵਾ ਬਾਕੀ ਹੋਰ ਯੂਨੀਅਨ ਆਗੂ ਅਤੇ ਮੈਂਬਰ ਮੌਜੂਦ ਸਨ।

