ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿਸਤਾਨ

All Latest NewsNews FlashPunjab News

 

 

ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ- ਪ੍ਰਤਾਪ ਸਿੰਘ

ਅੰਮ੍ਰਿਤਸਰ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।

 

Media PBN Staff

Media PBN Staff