ਵੱਡੀ ਖ਼ਬਰ: ਸਿੱਖਿਆ ਵਿਭਾਗ ਵਲੋਂ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਬਾਰੇ ਨਾਦਰਸ਼ਾਹੀ ਹੁਕਮ ਜਾਰੀ (ਵੇਖੋ ਵੀਡੀਓ)

All Latest NewsNews FlashPunjab NewsTop BreakingTOP STORIES

 

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਫੂਕੀਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ

ਐਤਵਾਰ ਨੂੰ ਗੰਭੀਰਪੁਰ ਵਿਖੇ ਕਰਨਗੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਘਿਰਾਓ

ਪ੍ਰਮੋਦ ਭਾਰਤੀ ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ ਵਿਖੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ ਉੱਤੇ ਸਰਕਾਰੀ ਕਾਲਜ ਮਹੈਣ ਦੇ ਸਹਾਇਕ ਪ੍ਰੋਫ਼ੈਸਰਾਂ ਨੇ ਕਾਲਜ ਦਫ਼ਤਰ ਅੱਗੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਵਿਰੋਧ ਜਤਾਇਆ।

ਪ੍ਰੋ. ਵਿਪਨ ਕੁਮਾਰ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਇਸ ਪੱਤਰ ਵਿੱਚ ਨਾਦਰਸ਼ਾਹੀ ਢੰਗ ਨਾਲ਼ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਰੈਗੂਲਰ ਸੇਵਾਵਾਂ ਨੂੰ ਸੰਕੇਤਕ ਰੂਪ ਵਿੱਚ 17 ਫਰਵਰੀ 2026 ਤੱਕ ਸੀਮਤ ਕੀਤਾ ਗਿਆ ਹੈ ਜਦਕਿ ਸਰਵਉੱਚ ਅਦਾਲਤ ਵੱਲੋਂ ਸਪਸ਼ਟ ਰੂਪ ਵਿੱਚ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਹੋਇਆ ਹੈ।

ਡਾ. ਦਿਲਰਾਜ ਕੌਰ ਨੇ ਦੱਸਿਆ ਕਿ ਪੱਤਰ ਮੁਤਾਬਕ 1158 ਫ਼ਰੰਟ ਦੇ ਮਹਿਲਾ ਪ੍ਰੋਫ਼ੈਸਰਾਂ ਨੂੰ ਮਿਲਣ ਵਾਲੀ ਜਣੇਪਾ ਛੁੱਟੀ ਤੱਕ ਨੂੰ ਵੀ 180 ਦਿਨਾਂ ਤੋਂ ਘੱਟ ਕਰਕੇ 17 ਫਰਵਰੀ 2026 ਤੱਕ ਸੀਮਤ ਕਰ ਦਿੱਤਾ ਗਿਆ ਹੈ ਜੋ ਕਿ ਸੰਵਿਧਾਨਿਕ ਤੌਰ ‘ਤੇ ਗੈਰ ਕਾਨੂੰਨੀ ਅਤੇ ਮਾਨਵੀ ਪੱਧਰ ਉੱਤੇ ਸ਼ਰਮਨਾਕ ਹੈ।

ਪ੍ਰੋ. ਬੋਬੀ ਨੇ ਦੋਸ਼ ਲਾਇਆ ਕਿ ਪੱਤਰ ਵਿੱਚ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਸਪਸ਼ਟ ਤੌਰ ‘ਤੇ ਜ਼ਿਕਰ ਕਰਦੇ ਹੋਏ ‘ਉੱਚ ਅਧਿਆਨ ਲਈ ਛੁੱਟੀ’, ਮੈਡੀਕਲ ਛੁੱਟੀ, ਇਥੋਂ ਤੱਕ ਕਿ ਤਨਖ਼ਾਹ ਤੋਂ ਬਿਨਾਂ ਛੁੱਟੀ ਉੱਤੇ ਵੀ ਪਾਬੰਦੀ ਲਾਉਣ ਦੀ ਗੱਲ ਆਖੀ ਗਈ ਹੈ ਜੋ ਪੰਜਾਬ ਸਿਵਿਲ ਸੇਵਾ ਨਿਯਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਪ੍ਰੋ. ਵਿਪਨ ਕੁਮਾਰ ਨੇ ਕਿਹਾ ਕਿ ਉਹਨਾਂ ਦੇ ਰੁਜ਼ਗਾਰ ਨੂੰ ਵਿਭਾਗ ਵੱਲੋਂ ਸੰਕੇਤਕ ਰੂਪ ਵਿੱਚ 17 ਫਰਵਰੀ 2026 ਤੱਕ ਸੀਮਤ ਕਰਨਾ, ਹੱਕੀ ਛੁੱਟੀਆਂ ਉੱਪਰ ਜ਼ਬਰੀ ਪਾਬੰਦੀ ਆਇਦ ਕਰਨ ਦਾ ਵਤੀਰਾ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨਸ਼ਰ ਕਰਦਾ ਹੈ।

ਪ੍ਰੋ. ਅਮਿਤ ਕੁਮਾਰ ਯਾਦਵ ਨੇ ਦੱਸਿਆ ਕਿ ਸਰਕਾਰ ਦੇ ਇਸ ਲੋਕ ਦੋਖੀ ਕਿਰਦਾਰ ਨੂੰ ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਹੋਰ ਬੇਨਕਾਬ ਕਰਨ ਲਈ ਉਹ ਆਉਂਦੇ ਐਤਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਰਾਓ ਕਰਨਗੇ ਅਤੇ ਇਸ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ। ਇਸ ਮੌਕੇ ਪ੍ਰੋ. ਸ਼ਰਨਦੀਪ ਨੇ ਕੇਂਦਰ ਸਰਕਾਰ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਹੁਕਮਾਂ ਦੀ ਫ਼ਰੰਟ ਵੱਲੋਂ ਨਿਖੇਧੀ ਵੀ ਕੀਤੀ।

 

Media PBN Staff

Media PBN Staff