ਵੱਡੀ ਖ਼ਬਰ: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ!
ਚੰਡੀਗੜ੍ਹ
ਅੱਜ ਪੰਜਾਬ ਯੂਨੀਵਰਸਿਟੀ (PU) ‘ਚ ‘ਮਹਾ-ਪ੍ਰਦਰਸ਼ਨ’ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂਆਂ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰੁਲਦੂ ਸਿੰਘ, ਜੋ ਮਾਨਸਾ ਤੋਂ ਰਵਾਨਾ ਹੋਏ ਸਨ, ਉਨ੍ਹਾਂ ਨੂੰ ਅੱਜ ਚੰਡੀਗੜ੍ਹ ‘ਚ ਦਾਖਲ ਹੋਣ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਕਿਸਾਨ ਆਗੂ ਰੁਲਦੂ ਸਿੰਘ ਨੇ ਖੁਦ ਪੱਤਰਕਾਰ ਨੂੰ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਵੱਲ ਅੱਗੇ ਨਹੀਂ ਜਾਣ ਦਿੱਤਾ ਗਿਆ।
ਰੁਲਦੂ ਸਿੰਘ ਨੇ ਕਿਹਾ ਕਿ ਉਹ PU ਵਿਦਿਆਰਥੀਆਂ ਦੇ ਪੱਕੇ ਮੋਰਚੇ ਦਾ ਸਮਰਥਨ ਕਰਨ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ “ਡਾਕਾ ਮਾਰਨ” ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਉਸਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

