ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮ 18 ਨਵੰਬਰ ਨੂੰ ਮਨਾਉਣਗੇ ਕਾਲਾ ਦਿਵਸ

All Latest NewsNews FlashPunjab NewsTop BreakingTOP STORIES

 

ਐਨਪੀਐਸ ਕਰਮਚਾਰੀ 18 ਨਵੰਬਰ ਨੂੰ ਮਨਾਉਣਗੇ ਕਾਲਾ ਦਿਵਸ-ਮਾਨ

ਪ੍ਰਮੋਦ ਭਾਰਤੀ, ਨਵਾਂਸ਼ਹਿਰ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਅਤੇ ਬਲਾਕ ਸਕੱਤਰ ਰਮਨ ਕੁਮਾਰ ਤੇ ਗੁਰਦੀਪ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਨੇ ਸਾਂਝੇ ਤੌਰ ‘ਤੇ 18 ਨਵੰਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਕਾਲੇ ਬਿੱਲੇ ਲਗਾ ਕੇ ਸਾੜਨ ਦਾ ਪ੍ਰੋਗਰਾਮ ਉਲੀਕਿਆ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ 18 ਨਵੰਬਰ 2022 ਨੂੰ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਅੱਜ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਅਤੇ ਨਾ ਹੀ ਐਸਓਪੀ ਜਾਰੀ ਕੀਤਾ ਗਿਆ।

ਜਦਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਪਾਰਟੀ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਰਾਜ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ। ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਆਪਣਾ ਹੀ ਜਾਰੀ ਕੀਤਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ, ਜਿਸ ਕਾਰਨ ਕਰਮਚਾਰੀਆਂ ਨੂੰ ਪੈਨਸ਼ਨ ਵਿਹੂਣੇ ਹੀ ਸੇਵਾਮੁਕਤ ਕਰ ਕੇ ਘਰ ਨੂੰ ਤੋਰ ਰਹੀ ਹੈ।

ਜਿਸ ਦੇ ਰੋਸ ਵਜੋਂ ਪੰਜਾਬ ਦੇ ਦੋ ਲੱਖ ਕਰਮਚਾਰੀ ਕਾਲੇ ਬਿੱਲੇ ਲਗਾ ਕੇ ਸਰਕਾਰ ਦੁਆਰਾ ਜਾਰੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ 18 ਨਵੰਬਰ ਨੂੰ ਆਪਣੇ-ਆਪਣੇ ਸਟੇਸ਼ਨਾਂ ‘ਤੇ ਲਾਂਬੂ ਲਾ ਕੇ ਤਸਵੀਰਾਂ ਸੋਸ਼ਲ ਮੀਡੀਆ ਵਿੱਚ ਸ਼ੇਅਰ ਕਰਨਗੇ।

ਇਸ ਤੋਂ ਇਲਾਵਾ 25 ਨਵੰਬਰ ਨੂੰ ਐਨ ਐਮ ਓ ਪੀ ਐਸ ਦੇ ਬੈਨਰ ਹੇਠ ਹੋਣ ਜਾ ਰਹੀ ਦਿੱਲੀ ਵਿਖੇ ਮਹਾਰੈਲੀ ਦੀ ਲਾਮਬੰਦੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਭਾਗ ਲੈਣਗੇ ਅਤੇ ਰਾਜ ਤੇ ਕੇਂਦਰ ਸਰਕਾਰ ਖਿਲਾਫ ਆਪਣਾ ਵਿਰੋਧ ਦਰਜ ਕਰਵਾਉਣਗੇ।

ਇਸ ਮੌਕੇ ‘ਤੇ ਉਨ੍ਹਾਂ ਨਾਲ ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ, ਰਿੰਕੂ ਚੋਪੜਾ, ਰਮਿੰਦਰ ਕੌਰ, ਸ਼ਾਲੀਨਤਾ ਭਨੋਟ, ਪਰਮਜੀਤ ਕੌਰ, ਮਨਜੀਤ ਕੌਰ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ, ਜਸਵੀਰ ਕੌਰ ਅਤੇ ਕਿਰਨ ਬਾਲਾ ਆਦਿ ਹਾਜ਼ਰ ਸਨ।

 

Media PBN Staff

Media PBN Staff