ਸਿੱਖਿਆ ਵਿਭਾਗ ਨੂੰ ਸਕੂਲੀ ਬੱਚਿਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੇ DC ਨੇ ਦਿੱਤੇ ਹੁਕਮ
ਡਿਪਟੀ ਕਮਿਸ਼ਨਰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਨਾਲ ਕਲੋਨੀ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਮਿਡ-ਡੇ ਮੀਲ ਦਾ ਲਿਆ ਜਾਇਜ਼ਾ
ਪੰਜਾਬ ਨੈੱਟਵਰਕ, ਰੂਪਨਗਰ
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਨਾਲ ਕਲੋਨੀ ਬਲਾਕ ਰੂਪਨਗਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਛੋਟੇ ਬੱਚਿਆਂ ਲਈ ਸਿੱਖਿਆ ਪ੍ਰਬੰਧਾਂ ਅਤੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੇ ਲਈ ਬਣਾਏ ਗਏ ਰਿਸੋਰਸ ਰੂਮ ਦੀ ਚੈਂਕਿੰਗ ਕੀਤੀ ਅਤੇ ਲੋੜਵੰਦ ਬੱਚਿਆਂ ਦੇ ਮਾਨਸਿਕ ਤੇ ਸਰੀਰਿਕ ਵਿਕਾਸ ਸਬੰਧੀ ਕੀਤੇ ਜਾ ਰਹੇ ਯਤਨਾਂ ਬਾਰੇ ਪੁੱਛਿਆ।
ਉਹਨਾਂ ਦੱਸਿਆ ਕਿ ਬੱਚਿਆਂ ਲਈ ਜਲਦ ਵਿਸ਼ੇਸ਼ ਸਾਇਕਲ, ਵਾਇਬਰੇਸ਼ਨ ਮਸ਼ੀਨ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਇਹਨਾਂ ਵਿਸ਼ੇਸ਼ ਵਰਗ ਨਾਲ ਸਬੰਧਿਤ ਬੱਚਿਆਂ ਦਾ ਸਰਵ-ਪੱਖੀ ਵਿਕਾਸ ਯਕੀਨੀ ਕੀਤਾ ਜਾ ਸਕੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸਕੂਲ ਵਿਖੇ ਵਿਸ਼ੇਸ਼ ਲੋੜਾਂ ਵਾਲੇ 11 ਬੱਚਿਆਂ ਨੂੰ ਸਪੈਸ਼ਲ ਟੀਚਰ ਅਤੇ ਇੱਕ ਸਹਾਇਕ ਟੀਚਰ ਵਲੋਂ ਸਿੱਖਿਆ ਦਿੱਤੀ ਜਾਂਦੀ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਨੂੰ ਹਰ ਬਣਦੀ ਸੁਵਿਧਾ ਮੁੱਹਈਆ ਕਰਵਾਈ ਜਾਵੇਗੀ।
ਇਹਨਾਂ ਬੱਚਿਆਂ ਤੋਂ ਇਲਾਵਾ ਸਕੂਲ ਵਿੱਚ ਲੋੜਵੰਦ ਪਰਿਵਾਰਾਂ ਦੇ 80 ਦੇ ਕਰੀਬ ਹੋਰ ਬੱਚੇ ਵੀ ਪੜ੍ਹਦੇ ਹਨ ਜਿਸ ਲਈ ਇਸ ਸਕੂਲ ਨੂੰ ਆਧੁਨਿਕ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਜੇ ਵੀ ਰਹਿੰਦੀਆਂ ਕਮੀਆਂ ਨੂੰ ਪੂਰਾ ਕਰਨ ਲਈ ਉਹ ਖੁਦ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ ਅਤੇ ਸਕੂਲਾਂ ਦੀਆਂ ਲੋੜਾਂ ਤੇ ਕਮੀਆਂ ਬਾਰੇ ਜਾਣਕਾਰੀ ਲੈ ਰਹੇ ਹਨ ਤਾਂ ਜੋ ਉਹਨਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਜਵਾਬ ਸਵਾਲ ਵੀ ਕੀਤੇ ਗਏ।
ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ ਅਤੇ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਸਮੇਂ ਸਿਰ ਡਿਊਟੀ ਤੇ ਪੁੱਜਿਆ ਜਾਵੇ ਅਤੇ ਆਪਣੇ ਫਰਜ਼ਾਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ।