Weather Update- ਪੰਜਾਬ ‘ਚ ਮੌਸਮ ਨੇ ਲਈ ਕਰਵਟ, IMD ਵੱਲੋਂ ਅਲਰਟ ਜਾਰੀ
Weather Update –
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਤੋਂ ਬਾਅਦ, ਹੁਣ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਸਿਲਸਿਲਾ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ।
ਪਹਾੜਾਂ ਤੋਂ ਆ ਰਹੀਆਂ ਹਵਾਵਾਂ ਦੀ ਰਫ਼ਤਾਰ ਮੱਠੀ ਹੋਣ ਅਤੇ ਪੱਛਮੀ ਗੜਬੜੀ (Western Disturbance) ਦੇ ਸਰਗਰਮ ਨਾ ਹੋਣ ਕਾਰਨ ਤਾਪਮਾਨ ਵਿੱਚ ਇਹ ਵਾਧਾ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਮੌਸਮ ਵਿਗਿਆਨ ਕੇਂਦਰ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਹਲਕੀ ਧੁੰਦ ਛਾ ਸਕਦੀ ਹੈ।
ਅਨੁਮਾਨ ਮੁਤਾਬਕ, ਅੱਜ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ, ਜਦਕਿ ਲੁਧਿਆਣਾ ਵਿੱਚ 9 ਡਿਗਰੀ ਰਹਿਣ ਦੀ ਉਮੀਦ ਹੈ। ਪਟਿਆਲਾ ਵਿੱਚ ਪਾਰਾ 12 ਡਿਗਰੀ ਅਤੇ ਮੋਹਾਲੀ ਵਿੱਚ 13 ਡਿਗਰੀ ਤੱਕ ਰਹਿ ਸਕਦਾ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਧੁੱਪ ਖਿੜੀ ਰਹੇਗੀ।
ਬੀਤੇ 24 ਘੰਟਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਔਸਤਨ 1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ, ਜੋ ਸੋਮਵਾਰ ਨੂੰ 5 ਡਿਗਰੀ ਤੱਕ ਡਿੱਗ ਗਿਆ ਸੀ, ਮੰਗਲਵਾਰ ਨੂੰ 1.2 ਡਿਗਰੀ ਵਧ ਕੇ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ, ਸ਼ਾਮ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.5 ਡਿਗਰੀ ਦਾ ਵਾਧਾ ਦੇਖਿਆ ਗਿਆ, ਜਿਸ ਵਿੱਚ ਫਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 29.2 ਡਿਗਰੀ ਰਿਹਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਵਿੱਚ ਤਾਪਮਾਨ 1 ਤੋਂ 2 ਡਿਗਰੀ ਤੱਕ ਹੋਰ ਵਧ ਸਕਦਾ ਹੈ। ਫਿਲਹਾਲ ਪੰਜਾਬ ਵਿੱਚ ਹਵਾ ਦੀ ਰਫ਼ਤਾਰ ਬਹੁਤ ਮੱਠੀ ਹੈ, ਜੋ ਕੇਵਲ 2 ਤੋਂ 4 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਧੁੰਦ ਬਣਨ ਦੀ ਸੰਭਾਵਨਾ ਜਤਾਈ ਗਈ ਹੈ।

