DGP ਪੰਜਾਬ ਨੂੰ ਵੱਡਾ ਝਟਕਾ, ECI ਅੱਗੇ ਪੇਸ਼ ਹੋਣ ਦੇ ਹੁਕਮ
Punjab News : ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। DGP ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਦੇ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ। ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ’ਤੇ ਗਲਤ ਐਫਆਈਆਰ ਕੀਤੇ ਜਾਣ ਦੇ ਇਲਜ਼ਾਮ ਲੱਗੇ ਸੀ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਤਰਨ ਤਾਰਨ ਹਲਕੇ ਵਿਚ ਸਿਆਸੀ ਬਦਲਾਖੋਰੀ ਨਾਲ ਅਕਾਲੀ ਵਰਕਰਾਂ ਖਿਲਾਫ ਝੂਠੀਆਂ ਐਫ.ਆਈ.ਆਰ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਸੀ।
ਚੋਣ ਕਮਿਸ਼ਨ ਨੂੰ ਕੀਤੀ ਲਿਖਤੀ ਸ਼ਿਕਾਇਤ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਅਕਾਲੀ ਦਲ ਚੋਣ ਕਮਿਸ਼ਨ ਦਾ ਧੰਨਵਾਦੀ ਹੈ ਜਿਸਨੇ ਦੋ ਡੀ ਐਸ ਪੀ ਤੇ ਇਕ ਐਸਐਚਓ ਬਦਲ ਦਿੱਤੇ ਤੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ, ਕਮਿਸ਼ਨ ਦੀ ਇਸ ਕਾਰਵਾਈ ਦੇ ਬਾਵਜੂਦ ਰਾਜ ਸਰਕਾਰ ਨੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਹੈ।
ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੀਨੀਅਰ ਪੁਲਿਸ ਅਫਸਰ ਤਬਦੀਲ ਤੇ ਮੁਅੱਤਲ ਕਰਨ ਦੇ ਬਾਅਦ ਸੱਤਾਧਾਰੀ ਨੇ ਇਸਨੂੰ ਇਕ ਚੁਣੌਤੀ ਵਜੋਂ ਲਿਆ ਅਤੇ ਉਸਦਾ ਦਬਾਅ ਨਾ ਮੰਨਣ ਵਾਲੇ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ। ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਆਗੂਆਂ ਖਿਲਾਫ ਝੂਠੀਆਂ ਐਫ ਆਈ ਆਰ ਦਰਜ ਕੀਤੀਆਂ ਗਈਆਂ ਤੇ ਆਗੂ ਗ੍ਰਿਫਤਾਰ ਕੀਤੇ ਗਏ। ਉਹਨਾਂ ਦੱਸਿਆ ਕਿ ਅਜਿਹੀ ਹੀ ਇਕ ਐਫ ਆਈ ਆਰ ਨੰਬਰ 0261 ਮਿਤੀ 15.11.2025 ਨੂੰ ਤਰਨ ਤਾਰਨ ਸਿਟੀ ਪੁਲਿਸ ਥਾਣੇ ਵਿਚ ਬੀਐਨਐਸ ਦੀਆਂ ਅਨੇਕਾਂ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ।
ਇਸ ਦੇ ਨਾਲ ਹੋਰਨਾਂ ਅਕਾਲੀ ਆਗੂਆਂ ‘ਤੇ ਦਰਜ ਐਫਆਈਆਰ ਬਾਰੇ ਦੱਸਦੇ ਹੋਏ ਡਾ. ਚੀਮਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਚੋਣ ਕਮਿਸ਼ਨ ਚੋਣ ਆਬਜ਼ਰਵਰ ਰਾਹੀਂ ਨਤੀਜਿਆਂ ਤੋਂ ਬਾਅਦ ਦਰਜ ਹੋਈਆਂ ਐਫਆਈਆਰਜ਼ ਦੀ ਨਿਰਪੱਖ ਜਾਂਚ ਦੇ ਹੁਕਮ ਦੇਵੇ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਿਚ ਲੋਕ ਵਿਸ਼ਵਾਸ ਦੀ ਬਹਾਲੀ ਵਾਸਤੇ ਸਖ਼ਤ ਕਾਰਵਾਈ ਜ਼ਰੂਰੀ ਹੈ ਨਹੀਂ ਤਾਂ ਇਸਦੀ ਗਲਤ ਪਿਰਤ ਪੈ ਜਾਵੇਗੀ।

