ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਅਧਿਆਪਕਾ ਦਾ ਕਤਲ
Media PBN ਬਿਊਰੋ
ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕਿਸੇ ਨਾ ਕਿਸੇ ਸ਼ਹਿਰ ਕਸਬੇ ਵਿੱਚ ਰੋਜ਼ ਹੀ ਤਿੰਨ ਚਾਰ ਲੋਕਾਂ ਦੇ ਕਤਲ ਹੋ ਰਹੇ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।
ਤਾਜ਼ਾ ਕਤਲ ਦਾ ਮਾਮਲਾ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਤੀ ਦੇ ਵੱਲੋਂ ਆਪਣੀ ਪਤਨੀ (ਸਰਕਾਰੀ ਅਧਿਆਪਕਾ) ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਜਸਪਾਲ ਕੌਰ (ਉਮਰ ਲਗਭਗ 35 ਸਾਲ) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੇ ਰੋਡ ਬਹਿਕਾ ਵਿੱਚ ਇਹ ਵਾਰਦਾਤ ਹੋਈ ਹੈ, ਜਿੱਥੇ ਇੱਕ ਪਤੀ ਨੇ ਆਪਣੀ ਅਧਿਆਪਕ ਪਤਨੀ ਦਾ ਤੇਜਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ।
ਮ੍ਰਿਤਕ ਅਧਿਆਪਕਾ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੋਸ਼ ਲਗਾਇਆ ਕਿ ਜਸਪਾਲ ਕੌਰ ਦੇ ਪਤੀ ਅਮਰਬੀਰ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਰਲ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਅਧਿਆਪਕਾ ਦੇ ਪਰਿਵਾਰ ਵਾਲਿਆਂ ਨੇ ਇਸ ਘਿਨਾਉਣੇ ਕਾਰੇ ਲਈ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਠਾਣਾ ਗੋਇੰਦਵਾਲ ਸਾਹਿਬ ਦੇ ਐਸ.ਐਚ.ਓ. ਕਸ਼ਮੀਰ ਸਿੰਘ ਮੌਕੇ ‘ਤੇ ਪਹੁੰਚੇ।
ਮੀਡੀਆ ਨਾਲ ਗੱਲਬਾਤ ਦੌਰਾਨ ਐਸ. ਐਚ. ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ ਉੱਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

