Punjab News: ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਦਾ ਐਲਾਨ!

All Latest NewsNews FlashPunjab NewsTOP STORIES

 

Punjab News: ਸਰਕਾਰ, ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ: ਜਗਰੂਪ ਸਿੰਘ/ ਜਗਸੀਰ ਭੰਗੂ

ਲਹਿਰਾ ਮੁਹੱਬਤ, 25 ਨਵੰਬਰ 2025 (Media PBN) –

Punjab News: ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋਂ ਅਗਲੇ ਸੰਘਰਸ਼ ਦੀ ਤਿਆਰੀ ਸੰਬੰਧੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ‘ਤੇ ਤਿਆਰੀ ਮੀਟਿੰਗ ਕੀਤੀ ਗਈ।

ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਮੀਤ ਪ੍ਰਧਾਨ ਨਾਇਬ ਸਿੰਘ, ਵਿੱਤ ਸਕੱਤਰ ਲਛਮਣ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ।

ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ‘ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ।

ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਜੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ 2, 3 ਅਤੇ 4 ਦਸੰਬਰ ਨੂੰ ਤਿੰਨ ਰੋਜ਼ਾ ਹੜਤਾਲ਼ ਕਰਕੇ ਪਲਾਂਟ ਦੇ ਮੁੱਖ ਗੇਟ ‘ਤੇ ਰੋਸ ਪ੍ਰਦਰਸ਼ਨ ਕਰਨਗੇ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ।

ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਗੁਜਾਰੇਯੋਗ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ‘ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫੰਡ ਦਿੱਤਾ ਜਾਵੇ।

(Punjab News, Government Employees, Contract Workers, GTTP Union, Jagroop Singh, Jagsir Bhangu, AAP Government, Regularisation Demand, Outsourced Employees, Enlistment Workers, Public Sector Privatisation, Guru Hargobind Thermal Plant, Workers Protest, Three-Day Strike, Minimum Wages Law, Labour Rights, Media PBN)

Media PBN Staff

Media PBN Staff