Education Department ਦੀ ਵੱਡੀ ਗੜਬੜੀ! ਪ੍ਰਾਇਮਰੀ ਤੋਂ ਮਾਸਟਰ ਕਾਡਰ ‘ਚ ਅਧਿਆਪਕਾਂ ਦੀਆਂ ਤਰੱਕੀਆਂ ਬੇਵਜ੍ਹਾ ਲਟਕਾਉਣ ਦਾ ਦੋਸ਼
Education Department- ਲੈਫਟ ਆਊਟ ਕੇਸਾਂ ਵਾਲੇ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਚੋਣ ਕਰਵਾਈ ਜਾਵੇ-ਡੀ. ਟੀ. ਐਫ਼.
Education Department- ਮੋਹਾਲੀ, 30 ਨਵੰਬਰ 2025 (Media PBN) ਪਿਛਲੇ ਸੱਤ ਸਾਲਾਂ ਤੋਂ ਆਪਣੀਆਂ ਤਰੱਕੀਆਂ ਦੀ ਉਡੀਕ ਕਰ ਰਹੇ ਪ੍ਰਾਇਮਰੀ ਅਧਿਆਪਕ ਸਿੱਖਿਆ ਵਿਭਾਗ (Education Department) ਦੀ ਕੱਛੂ-ਚਾਲ ਤੋਂ ਅੱਕ ਚੁੱਕੇ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਤੋਂ ਮਾਸਟਰ ਕਾਡਰ ਵਿੱਚ ਹੋਣ ਵਾਲੀਆਂ ਤਰੱਕੀਆਂ ਪਿਛਲੇ ਸੱਤ ਸਾਲਾਂ ਤੋਂ ਲਟਕ ਰਹੀਆਂ ਹਨ। ਕੁਝ ਵਿਸ਼ਿਆਂ ਦੀਆਂ ਪ੍ਰੋਮੋਸ਼ਨਾਂ ਹੋਏ ਨੂੰ ਤਾਂ ਲਗਭਗ 11-12 ਸਾਲ ਵੀ ਹੋ ਚੁੱਕੇ ਹਨ, ਪਰ ਸਿੱਖਿਆ ਵਿਭਾਗ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ।
ਆਗੂਆਂ ਨੇ ਦੱਸਿਆ ਕਿ ਵਿਭਾਗ ਨੇ ਕਈ ਵਾਰ ਜਥੇਬੰਦੀ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿੱਤਾ ਸੀ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਦੀਵਾਲੀ ਤੋਂ ਪਹਿਲਾਂ ਕਰ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਉਹਨਾਂ ਦਾ ਭਰੋਸਾ ਸਿਰੇ ਨਹੀਂ ਚੜ੍ਹ ਸਕਿਆ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਸਾਇੰਸ, ਗਣਿਤ, ਅੰਗਰੇਜ਼ੀ ਵਿਸ਼ਿਆਂ ਦੀਆਂ ਪ੍ਰੋਮੋਸ਼ਨਾਂ 2017-18 ਵਿੱਚ ਹੋਈਆਂ ਸਨ ਅਤੇ ਬਾਕੀ ਵਿਸ਼ਿਆਂ ਦੀਆਂ ਤਰੱਕੀਆਂ ਹੋਈਆਂ ਨੂੰ ਤਾਂ ਲਗਭਗ 12-13 ਸਾਲ ਹੋ ਗਏ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਹੋਣ ਵਾਲੀਆਂ ਤਰੱਕੀਆਂ ਦੀਆਂ ਲਿਸਟਾਂ ਕਾਫੀ ਸਮੇਂ ਤੋਂ ਤਿਆਰ ਪਈਆਂ ਹਨ ਪਰ ਸਿੱਖਿਆ ਵਿਭਾਗ ਉਹਨਾਂ ਨੂੰ ਜਾਰੀ ਕਰਨ ਲਈ ਪਤਾ ਨਹੀਂ ਕਿਸ ਗੱਲ ਦੀ ਉਡੀਕ ਕਰ ਰਿਹਾ ਹੈ।
ਜਥੇਬੰਦੀ ਨੇ ਮੰਗ ਕੀਤੀ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਲੈਫਟ ਆਊਟ ਵਿੱਚ ਹੋਈਆਂ ਤਰੱਕੀਆਂ ਵਾਲੇ ਅਧਿਆਪਕਾਂ ਨੂੰ ਤੁਰੰਤ ਸਟੇਸ਼ਨਾਂ ਦੀ ਚੋਣ ਕਰਵਾਈ ਜਾਵੇ ਅਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਤਰੱਕੀਆਂ ਦੀਆਂ ਲਿਸਟਾਂ ਤੁਰੰਤ ਜਾਰੀ ਕੀਤੀਆਂ ਜਾਣ।

