ਵੱਡੀ ਖ਼ਬਰ: ਪੰਜਾਬ ‘ਚ ਅੱਜ ਨਹੀਂ ਚਲਣਗੀਆਂ ਬੱਸਾਂ, ਮੰਤਰੀ ਨਾਲ ਮੀਟਿੰਗ ਮਗਰੋਂ ਵੀ ਹੜਤਾਲ ਜਾਰੀ!
ਚੰਡੀਗੜ੍ਹ, 1 ਦਸੰਬਰ, 2025 (Media PBN):
ਪੰਜਾਬ (Punjab) ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ (PRTC) ਅਤੇ ਪਨਬੱਸ (PUNBUS) ਦੀਆਂ ਯੂਨੀਅਨਾਂ ਨੇ ਸਪੱਸ਼ਟ ਕਰ ਕੀਤਾ ਹੈ ਕਿ ਉਨ੍ਹਾਂ ਦੀ ਹੜਤਾਲ ਖ਼ਤਮ ਨਹੀਂ ਹੋਈ ਹੈ ਅਤੇ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੇ ਬਰਖਾਸਤ ਅਤੇ ਮੁਅੱਤਲ ਆਗੂਆਂ ਨੂੰ ਬਹਾਲ ਨਹੀਂ ਕਰਦੀ ਅਤੇ ਗ੍ਰਿਫ਼ਤਾਰ ਸਾਥੀਆਂ ਨੂੰ ਰਿਹਾਅ ਕਰਕੇ ਉਨ੍ਹਾਂ ‘ਤੇ ਦਰਜ ਕੇਸ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਰਮਚਾਰੀ ਕੰਮ ‘ਤੇ ਨਹੀਂ ਪਰਤਣਗੇ।
ਸ਼ਰਤਾਂ ਪੂਰੀਆਂ ਹੋਣ ‘ਤੇ ਹੀ ਰੁਕੇਗਾ ਚੱਕਾ ਜਾਮ
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੇ ਸਾਥੀਆਂ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਦੀ ਸਾਫ਼ ਮੰਗ ਹੈ ਕਿ ਪੁਲਿਸ ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਤੁਰੰਤ ਛੱਡਿਆ ਜਾਵੇ ਅਤੇ ਜਿਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ, ਉਨ੍ਹਾਂ ਨੂੰ ਵਾਪਸ ਰੱਖਿਆ ਜਾਵੇ। ਜਦੋਂ ਤੱਕ ਇਹ ਸ਼ਰਤਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਬੱਸਾਂ ਦਾ ਚੱਕਾ ਜਾਮ ਰਹੇਗਾ।
ਮੰਤਰੀ ਦੇ ਦਾਅਵੇ ਨੂੰ ਮੁਲਾਜ਼ਮਾਂ ਨੇ ਠੁਕਰਾਇਆ
ਇਹ ਐਲਾਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦਾਅਵਾ ਕੀਤਾ ਸੀ ਕਿ ਯੂਨੀਅਨਾਂ ਨਾਲ ਸਹਿਮਤੀ ਬਣ ਗਈ ਹੈ ਅਤੇ ਹੜਤਾਲ ਖ਼ਤਮ ਹੋ ਗਈ ਹੈ।
ਉਨ੍ਹਾਂ ਕਿਹਾ ਸੀ ਕਿ ਮੁਅੱਤਲ ਕਰਮਚਾਰੀਆਂ ਨੂੰ ਬਹਾਲ ਕਰ ਦਿੱਤਾ ਜਾਵੇਗਾ ਅਤੇ ਬੱਸ ਸੇਵਾ ਫਿਰ ਤੋਂ ਸ਼ੁਰੂ ਹੋ ਗਈ ਹੈ। ਪਰ ਯੂਨੀਅਨਾਂ ਦੇ ਤਾਜ਼ਾ ਰੁਖ ਨੇ ਸਾਫ਼ ਕਰ ਦਿੱਤਾ ਹੈ ਕਿ ਗਤੀਰੋਧ ਅਜੇ ਵੀ ਬਰਕਰਾਰ ਹੈ ਅਤੇ ਕਰਮਚਾਰੀ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ।

