Punjab News- ਭਗਵੰਤ ਮਾਨ ਸਰਕਾਰ ਤੋਂ ਦੁਖੀ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਤਿੰਨ ਰੋਜ਼ਾ ਹੜਤਾਲ ਦਾ ਐਲਾਨ

All Latest NewsGeneral NewsNews FlashPunjab NewsTop BreakingTOP STORIES

 

Punjab News-ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ :- ਮੋਰਚਾ ਆਗੂ

ਚੰਡੀਗੜ੍ਹ, 01 Dec 2025 (Media PBN) Punjab News- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਪਵਨਦੀਪ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ‘ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ।

ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤੈਅ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਜੋਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ 2-3 ਅਤੇ 4 ਦਸੰਬਰ ਨੂੰ ਤਿੰਨ ਰੋਜ਼ਾ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਗੁਜਾਰੇਯੋਗ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ।

ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ‘ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫੰਡ ਦਿੱਤਾ ਜਾਵੇ, ਆਗੂਆਂ ਨੇ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨਾਂ ਸਮੇਤ ਹੋਰ ਕਿਰਤੀ ਵਰਗਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਤੋਂ ਤਿੰਨ ਰੋਜ਼ਾ ਹੜਤਾਲ ਦੇ ਸੰਘਰਸ਼ ਪ੍ਰਤੀ ਹਮਾਇਤ ਦੀ ਮੰਗ ਕੀਤੀ ਗਈ।

 

Media PBN Staff

Media PBN Staff