BREAKING: ਪੰਜਾਬੀਆਂ ਨੂੰ ਵੱਡੀ ਰਾਹਤ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ
ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ
ਚੰਡੀਗੜ੍ਹ, 2 ਦਸੰਬਰ 2025 (Media PBN) – ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕਰਦਿਆਂ ਕਿਹਾ ਕਿ ਸਰਕਾਰੀ ਬੱਸਾਂ ਮੁੜ ਪੰਜਾਬ ਦੇ ਰੂਟਾਂ ‘ਤੇ ਚੱਲਣਗੀਆਂ। ਉਹਨਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਕਈ ਮੰਗਾਂ ‘ਤੇ ਮੁਲਾਜ਼ਮ ਯੂਨੀਅਨ ਨਾਲ ਸਹਿਮਤੀ ਬਣ ਗਈ ਹੈ।
ਭੁੱਲਰ ਨੇ ਕਿਹਾ ਕਿ ਜਿਨ੍ਹਾਂ ਰੂਟਾਂ ਉੱਤੇ ਬੱਸਾਂ ਨਹੀਂ ਚੱਲ ਰਹੀਆਂ, ਉਹਨਾਂ ਨੂੰ ਜਲਦੀ ਸਰਵਿਸ ਦਿੱਤੀ ਜਾਵੇਗੀ। ਮੰਤਰੀ ਭੁੱਲਰ ਨੇ ਇਹ ਵੀ ਆਖਿਆ ਕਿ ਕਿਲੋਮੀਟਰ ਸਕੀਮ ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ, ਉਸ ਸਕੀਮ ਨਾਲ ਸਰਕਾਰ ਨੂੰ ਵੀ ਫਾਇਦਾ ਹੋਵੇਗਾ ਅਤੇ ਮੁਲਾਜ਼ਮਾਂ ਨੂੰ ਵੀ ਫਾਇਦਾ ਹੋਵੇਗਾ, ਇਸ ਨਾਲ ਮੁਲਾਜ਼ਮਾਂ ਦੀ ਨੌਕਰੀ ਨੂੰ ਕੋਈ ਖਤਰਾ ਨਹੀਂ ਹੈ।
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਪੁੱਛੇ ਗਏ ਸਵਾਲ ‘ਤੇ ਮੰਤਰੀ ਭੁੱਲਰ ਨੇ ਕਿਹਾ ਕਿ ਉਹ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ ਅਤੇ ਕੱਚੇ ਮੁਲਾਜ਼ਮਾਂ ਦੇ ਵਕੀਲ ਬਣ ਕੇ ਉਹ ਕੰਮ ਕਰਨਗੇ ਅਤੇ ਸਰਕਾਰ ਤੱਕ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਜਾਣਗੇ ਤਾਂ ਜੋ ਉਹਨਾਂ ਦੀਆਂ ਮੰਗਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ ਅਤੇ ਅੱਗੇ ਪੰਜਾਬ ਵਾਸੀਆਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਮੰਤਰੀ ਭੁੱਲਰ ਨੇ ਇਹ ਵੀ ਆਖਿਆ ਕਿ ਜਿਨ੍ਹਾਂ ਮੁਲਾਜ਼ਮਾਂ ਉੱਪਰ ਮੁਕਦਮੇ ਦਰਜ ਕੀਤੇ ਗਏ ਹਨ ਜਾਂ ਫਿਰ ਮੁਲਾਜ਼ਮ ਡਿਸਮਿਸ ਕੀਤੇ ਗਏ ਹਨ, ਉਹਨਾਂ ਨੂੰ ਵੀ ਵਿਚਾਰਿਆ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਮਸਲੇ ਦਾ ਹੱਲ ਵੀ ਕੀਤਾ ਜਾਵੇਗਾ।

