Punjab News: ਲੇਡੀ ਅਧਿਆਪਕਾਂ ਦੀ ਚੋਣਾਂ ਵਿੱਚ ਨਾ ਲਗਾਈ ਜਾਵੇ ਡਿਊਟੀ, ਉੱਠੀ ਮੰਗ!
ਔਰਤਾਂ, ਗੰਭੀਰ ਬਿਮਾਰੀਆਂ ਅਤੇ ਛੋਟੇ ਬੱਚਿਆਂ ਵਾਲੀਆਂ ਅਧਿਆਪਕਾਂ ਦੀ ਚੋਣ ਡਿਊਟੀ ਨਾ ਲਗਾਈ ਜਾਵੇ
ਚੋਣ ਡਿਊਟੀ ਮੁਲਾਜ਼ਮਾਂ ਦੇ ਸਬੰਧਤ ਅਸੈਂਬਲੀ ਹਲਕੇ ਵਿੱਚ ਹੀ ਲਗਾਈ ਜਾਵੇ-ਡੀ. ਟੀ. ਐਫ਼.
ਚੰਡੀਗੜ੍ਹ, 02 ਦਸੰਬਰ 2025 (Media PBN)
ਪੰਜਾਬ ਵਿੱਚ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਦੇ ਨਾਲ ਚੱਲ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਔਰਤ ਕਰਮਚਾਰੀਆਂ, ਗੰਭੀਰ ਬਿਮਾਰੀਆਂ ਤੋਂ ਪੀੜਤ, ਕਪਲ ਕੇਸ ਅਤੇ ਛੋਟੇ ਬੱਚਿਆਂ ਵਾਲੀਆਂ ਅਧਿਆਪਕਾਂ ਦੀ ਡਿਊਟੀ ਨਾ ਲਗਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਮੰਗ ਕੀਤੀ ਗਈ।
ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ ਇਹ ਚੋਣਾਂ ਸਿਰਫ ਪੇਂਡੂ ਖੇਤਰਾਂ ਵਿੱਚ ਹੋਣ ਕਾਰਨ ਜ਼ਿਆਦਾ ਕਰਮਚਾਰੀਆਂ ਦੀ ਜ਼ਰੂਰਤ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸਿਰਫ ਅਧਿਆਪਕਾਂ ਦੀ ਡਿਊਟੀ ਹੀ ਨਾ ਲਗਾਈ ਜਾਵੇ, ਸਗੋਂ ਸਾਰੇ ਵਿਭਾਗਾਂ ਤੋਂ ਕਰਮਚਾਰੀ ਡਿਊਟੀ ‘ਤੇ ਲਗਾਏ ਜਾਣ ਅਤੇ ਇਹ ਚੋਣ ਡਿਊਟੀ ਕਰਮਚਾਰੀ ਦੇ ਸਬੰਧਤ ਅਸੈਂਬਲੀ ਹਲਕੇ ਵਿੱਚ ਲਗਾਈ ਜਾਵੇ ਤਾਂ ਜੋ ਕਿਸੇ ਵੀ ਕਰਮਚਾਰੀ ਨੂੰ ਇਹਨਾਂ ਚੋਣਾਂ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਹਰ ਵਾਰ ਚੋਣਾਂ ਵਿੱਚ ਚੋਣ ਡਿਊਟੀ ਸਮੇਂ ਇਹਨਾਂ ਪੀੜਤ ਅਧਿਆਪਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਰਿਹਰਸਲ ਮੌਕੇ ਇਹ ਪੀੜਤ ਅਧਿਆਪਕ ਆਪਣੀ ਚੋਣ ਡਿਊਟੀ ਕਟਵਾਉਣ ਲਈ ਬੁਰੀ ਤਰ੍ਹਾਂ ਪ੍ਰੇਸ਼ਾਨ ਹੁੰਦੇ ਹਨ। ਆਗੂਆਂ ਨੇ ਕਿਹਾ ਕਿ ਕਿਉਂ ਨਾ ਪਹਿਲਾਂ ਹੀ ਇਹਨਾਂ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇ ਦਿੱਤੀ ਜਾਵੇ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਇਹਨਾਂ ਪੀੜਤ ਅਧਿਆਪਕਾਂ ਤੋਂ ਡਿਊਟੀ ਕੱਟਣ ਸਮੇਂ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਚੋਣ ਡਿਊਟੀ ਲਈ ਡਾਟਾ ਭੇਜਣ ਸਮੇਂ ਹੀ ਇਹਨਾਂ ਅਧਿਆਪਕਾਂ ਨੂੰ ਵੈਰੀਫਾਈ ਕਰਕੇ ਇਹਨਾਂ ਦਾ ਡਾਟਾ ਚੋਣ ਡਿਊਟੀ ਲਈ ਨਾ ਭੇਜੇ।

