ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਕਰੇ ਰੱਦ! ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਜਾਰੀ

All Latest NewsNews FlashPunjab News

 

ਲਹਿਰਾ ਮੁਹੱਬਤ, 3 ਦਸੰਬਰ 2025 (Media PBN)

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪਾਵਰ ਕਾਰਪੋਰੇਸ਼ਨ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ ਦੂਜੇ ਦਿਨ ਵੀ ਜਾਰੀ ਹੈ।

ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ, ਅਵਤਾਰ ਸਿੰਘ ਬਠਿੰਡਾ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ‘ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ 2, 3 ਅਤੇ 4 ਦਸੰਬਰ ਨੂੰ ਤਿੰਨ ਰੋਜ਼ਾ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਦੂਜੇ ਦਿਨ ਰੋਸ਼ ਪ੍ਰਦਰਸ਼ਨ ਜਾਰੀ ਰਿਹਾ।

ਅੱਜ ਦੀ ਇਕੱਤਰਤਾ ਦੌਰਾਨ ਜਥੇਬੰਦੀ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਤੋਂ ‘ਹੜ੍ਹ ਪੀੜਤਾਂ ਲਈ ਇਕੱਠਾ ਕੀਤਾ ਗਿਆ ਸਹਾਇਤਾ ਫੰਡ’ ਇੱਕ ਲੱਖ ਛੱਤੀ ਹਜ਼ਾਰ ਪੰਜ ਸੌ ਪੰਜਾਹ ਰੁਪਏ (136550) ਕਮੇਟੀ ਆਗੂਆਂ ਝੰਡਾ ਸਿੰਘ ਜੇਠੂਕੇ ਅਤੇ ਸਿੰਗਾਰਾ ਸਿੰਘ ਮਾਨ ਜੀ ਦੇ ਸਪੁਰਦ ਕੀਤਾ ਗਿਆ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਗੁਜਾਰੇਯੋਗ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ‘ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫੰਡ ਦਿੱਤਾ ਜਾਵੇ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਬੀਕੇਯੂ ਉਗਰਾਹਾਂ ਤੋਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ, ਲੋਕ ਮੋਰਚਾ ਪੰਜਾਬ ਤੋਂ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਡੀ.ਟੀ.ਐੱਫ ਤੋਂ ਜਿਲਾ ਪ੍ਰਧਾਨ ਬਲਜਿੰਦਰ ਸਿੰਘ, ਟੀ.ਐੱਸ.ਯੂ. ਤੋਂ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਤੇ ਥਰਮਲ ਪ੍ਰਧਾਨ ਅਮਰਜੀਤ ਸਿੰਘ ਮੰਗਲੀ ਆਦਿ ਨੇ ਸੰਬੋਧਨ ਕੀਤਾ।

 

Media PBN Staff

Media PBN Staff