ਪੰਜਾਬ ਸਰਕਾਰ ਨੇ ਛੇੜਿਆ ਨਵਾਂ ਵਿਵਾਦ; ਸੂਬਾ ਪੱਧਰੀ ਵੀਰ ਬਾਲ ਦਿਵਸ ਸਮਾਗਮ ’ਤੇ ਹੋਇਆ ਸਖ਼ਤ ਇਤਰਾਜ਼

All Latest NewsNews FlashPunjab News

 

 

Punjab News, 4 Dec 2025 (Media PBN)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੰਜਾਬ ਸਰਕਾਰ (Punjab Govt) ਵੱਲੋਂ 12 ਦਸੰਬਰ 2025 ਨੂੰ ਲੁਧਿਆਣਾ ਵਿਖੇ ਕਰਵਾਏ ਕੀਤੇ ਜਾ ਰਹੇ ਰਾਜ ਪੱਧਰੀ ‘ਵੀਰ ਬਾਲ ਦਿਵਸ’ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀਰ ਬਾਲ ਦਿਵਸ ਸਬੰਧੀ ਕੀਤੇ ਨਿਰਦੇਸ਼ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਪਵਿੱਤਰਤਾ ਨੂੰ ਠੇਸ ਪਹੁੰਚਾਉਣ ਅਤੇ ਘੱਟ ਕਰਨ ਵਾਲੇ ਹਨ।

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਵਿਰੁੱਧ ਹੈ। ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ, ਇਸੇ ਲਈ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਕਰਵਾਏ ਕਈ ਧਾਰਮਿਕ ਸਮਾਗਮਾਂ ’ਚ ਵੀ ਮਰਯਾਦਾ ਅਤੇ ਪ੍ਰੰਪਰਾਵਾਂ ਦਾ ਉਲੰਘਣ ਕੀਤਾ ਗਿਆ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਸਰਕਾਰ ਨੇ ਗੁਰਮਤਿ ਸਮਾਗਮਾਂ ਨੂੰ ਕੇਵਲ ਇਕ ਸਰਕਾਰੀ ਪ੍ਰੋਗਰਾਮ ਬਣਾ ਕੇ ਪੰਜਾਬ ਦੇ ਖ਼ਜ਼ਾਨੇ ਦਾ ਫਾਇਦਾ ਬਾਹਰੀ ਕੰਪਨੀਆਂ ਨੂੰ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹੁਣ ‘ਵੀਰ ਬਾਲ ਦਿਵਸ’ ਦੇ ਪ੍ਰੋਗਰਾਮ ਤਹਿਤ ਫੈਸੀ ਡਰੈੱਸ ਮੁਕਾਬਲੇ ਦੇ ਨਾਂ ’ਤੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਡਰੈੱਸ ਪਵਾ ਕੇ ਸਕੂਲਾਂ ਵਿਚ ਮੁਕਾਬਲੇ ਕਰਵਾਉਣ ਦਾ ਅਮਲ ਸਿੱਖ ਮਰਯਾਦਾ ਦੇ ਖਿਲਾਫ਼ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ, ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦਾ ਜੋ ਖਦਸ਼ਾ ਸੀ ਉਸੇ ਦਾ ਹੀ ਨਤੀਜਾ ਹੈ ਕਿ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਹੁਣ ਸਾਹਿਬਜ਼ਾਦਿਆਂ ਦੇ ਕਿਰਦਾਰ ਬੱਚਿਆਂ ਪਾਸੋਂ ਕਰਵਾਉਣ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਸਿੱਖ ਵਿਰੋਧੀ ਵਰਤਾਰੇ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਦੀ ਬਣਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਸਿੱਖ ਜਗਤ ਕਦੇ ਵੀ ਪ੍ਰਵਾਨ ਨਹੀਂ ਕਰ ਸਕਦਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਸਿੱਖ ਵਿਰੋਧੀ ਪ੍ਰਗਟਾਵੇ ਵਾਲੇ ਸਮਾਗਮਾਂ ਵਿਚ ਆਪਣੇ ਬੱਚਿਆਂ ਨੂੰ ਸ਼ਮੂਲੀਅਤ ਤੋਂ ਰੋਕੇ, ਤਾਂ ਜੋ ਸਿੱਖ ਪ੍ਰੰਪਰਾਵਾਂ ਤੇ ਕਦਰਾਂ ਕੀਮਤਾਂ ਦੀ ਮੌਲਿਕਤਾ ਬਣੀ ਰਹੇ।

 

Media PBN Staff

Media PBN Staff