Canada Breaking: ਕੈਨੇਡਾ ‘ਚ ਵਾਪਰਿਆ ਵੱਡਾ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ
Canada. 6 Dec 2005 (Media PBN) :
ਕੈਨੇਡਾ ਤੋਂ ਇੱਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਐਨਆਰਆਈ ਮੀਡੀਆ ਦੀ ਰਿਪੋਰਟ ਮੁਤਾਬਿਕ, ਕੈਨੇਡਾ ਦੇ ਬਰਫ਼ੀਲੇ ਮਾਹੌਲ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਪਿੰਡ ਵੜਿੰਗਖੇੜਾ ਨਾਲ ਸਬੰਧਤ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਜਾਨ ਚਲੀ ਗਈ ਹੈ।
ਇਸ ਖ਼ਬਰ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਇਹ ਘਟਨਾ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਦੇ ਸਿਡਨੀ ਸ਼ਹਿਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸੜਕ ‘ਤੇ ਜੰਮੀ ਹੋਈ ਬਰਫ਼ ਉੱਪਰ ਗੱਡੀ ਫਿਸਲਣ ਕਾਰਨ ਗੁਰਪ੍ਰੀਤ ਸਿੰਘ ਦੀ ਕਾਰ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੁਰਪ੍ਰੀਤ ਸਿੰਘ ਪਿੰਡ ਵੜਿੰਗਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀ.ਆਰ. ਫਾਈਲ ਲੱਗੀ ਹੋਈ ਸੀ।
ਹਾਦਸੇ ਵਾਲੇ ਦਿਨ, ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸਦੀ ਕੰਮ ਵਾਲੀ ਥਾਂ ‘ਤੇ ਛੱਡ ਕੇ ਵਾਪਸ ਘਰ ਪਰਤ ਰਿਹਾ ਸੀ, ਜਦੋਂ ਇਹ ਜਾਨਲੇਵਾ ਹਾਦਸਾ ਵਾਪਰਿਆ। ਦੁਖਦਾਈ ਘਟਨਾ ਦੀ ਸੂਚਨਾ ਮਿਲਣ ‘ਤੇ ਪਿੰਡ ਵੜਿੰਗਖੇੜਾ ਵਿੱਚ ਮਾਤਮ ਛਾ ਗਿਆ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਮ੍ਰਿਤਕ ਦੇ ਚਾਚਾ ਪ੍ਰਿਤਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੈਨੇਡਾ ਵਿੱਚ ਜ਼ਰੂਰੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਵਾਈ ਜਾ ਰਹੀ ਹੈ।

