BREAKING: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ
ਚੰਡੀਗੜ੍ਹ-
ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ, ਜਿੱਥੇ ਸ਼ਾਮ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ।
ਮੀਡੀਆ ਰਿਪੋਰਟਾਂ ਮੁਤਾਬਿਕ, ਅੱਜ ਸਵੇਰੇ 10 ਵਜੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਲੰਧਰ ਸਥਿਤ ਈਡੀ ਦਫਤਰ ਪਹੁੰਚੇ। ਇਸ ਦੌਰਾਨ ਈਡੀ ਜਲੰਧਰ ਦੇ ਦਫ਼ਤਰ ਵਿੱਚ ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਸਵੇਰੇ ਸ਼ੁਰੂ ਹੋਈ ਪੁੱਛਗਿੱਛ ਦੁਪਹਿਰ ਤੱਕ ਜਾਰੀ ਰਹੀ।
ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ 2 ਦਿਨ ਪਹਿਲਾਂ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਧੋਖਾਧੜੀ ਦੇ ਦੋਸ਼ ਲੱਗੇ ਸਨ।
ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਜਾਅਲੀ ਵਾਹਨਾਂ ਦੀ ਵਰਤੋਂ ਅਤੇ ਦੁਰਵਰਤੋਂ ਕੀਤੀ ਜਾਂਦੀ ਸੀ।