ਵੱਡੀ ਖ਼ਬਰ: DTF ਜਥੇਬੰਦੀ ਦੇ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ!
ਵੱਡੀ ਖ਼ਬਰ: DTF ਜਥੇਬੰਦੀ ਦੇ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ!
ਜਲੰਧਰ, 9 ਦਸੰਬਰ 2025 (Media PBN):
ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ’ਚ ਸੂਬੇ ਭਰ ’ਚ 90 ਫੀਸਦੀ ਅਧਿਆਪਕਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਤੋਂ ਬਿਨਾਂ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ’ਚ ਵੀ ਵੱਡੀ ਗਿਣਤੀ ’ਚ ਲੱਗਭਗ ਸਾਰਾ ਸਾਲ ਕੰਪਿਊਟਰ ਅਧਿਆਪਕਾਂ ਤੋਂ ਕੰਮ ਲ਼ਿਆ ਜਾਂਦਾ ਹੈ।
ਇਸ ਦੇ ਬਾਵਜੂਦ ਵੀ ਜੇਕਰ ਅਧਿਆਪਕ ਆਪਣੀਆਂ ਸਮੱਸਿਆਵਾਂ ਸਬੰਧੀ ਚੋਣ ਅਧਿਕਾਰੀਆਂ ਨਾਲ ਰਾਬਤਾ ਕਰਦੇ ਹਨ ਤਾਂ ਸਮੱਸਿਆ ਦਾ ਢੁੱਕਵਾਂ ਹੱਲ ਕੱਢਣ ਦੀ ਬਜਾਏ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਅਧਿਆਪਕ ਆਗੂਆਂ ਨੂੰ ਧਮਕਾਇਆ ਜਾਂਦਾ ਹੈ।
ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਆਰਟੀਓ ਕਮ ਰਿਟਰਨਿੰਗ ਅਫ਼ਸਰ ਵੱਲੋਂ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਡੀਟੀਐੱਫ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ ਤੇ ਜ਼ਿਲ੍ਹਾ ਸਕੱਤਰ ਅਵਤਾਰ ਲਾਲ ਨੇ ਕਿਹਾ ਕਿ ਅਫ਼ਸਰਸ਼ਾਹੀ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਦੇ ਲੋੜਵੰਦ ਤੇ ਗਰੀਬ ਵਿਦਿਆਰਥੀਆਂ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ।
ਇਕ ਪਾਸੇ ਸੂਬੇ ਦਾ ਮੁੱਖ ਮੰਤਰੀ ਵਿਧਾਨ ਸਭਾ ’ਚ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਗ਼ੈਰ-ਵਿੱਦਿਅਕ ਕੰਮ ਨਾ ਲੈਣ ਦੇ ਦਾਅਵੇ ਕਰਦਾ ਹੈ, ਦੂਜੇ ਪਾਸੇ ਅਫ਼ਸਰਸ਼ਾਹੀ ਵੱਲੋਂ ਮਨਮਰਜ਼ੀ ਨਾਲ ਵੱਡੀ ਗਿਣਤੀ ’ਚ ਕੇਵਲ ਅਧਿਆਪਕਾਂ ਨੂੰ ਹੀ ਗ਼ੈਰ-ਵਿੱਦਿਅਕ ਕੰਮਾਂ ਦੀ ਭੱਠੀ ’ਚ ਝੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਸਲਾ ਕੇਵਲ ਬੀਐੱਲਓ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦਾ ਹੀ ਸੀ।
ਇਸ ਵਾਜਿਬ ਮੰਗ ਨੂੰ ਸਬੰਧਤ ਅਧਿਕਾਰੀ ਵੱਲੋਂ ਕਥਿਤ ਮੁੱਛ ਦਾ ਸੁਆਲ ਬਣਾ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਜਥੇਬੰਦੀ ਦੇ ਸੀਨੀ. ਮੀਤ ਪ੍ਰਧਾਨ ਵਿਸ਼ਵ ਭਾਨੂੰ ਸ਼ਰਮਾ ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ ਨੇ ਜਾਰੀ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ ’ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

