ਵੱਡੀ ਖ਼ਬਰ: ਅਕਾਲੀ ਦਲ ਵੱਲੋਂ ਇਸ ਹਲਕੇ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਕੀਤਾ ਬਾਈਕਾਟ!
ਵੱਡੀ ਖ਼ਬਰ: ਅਕਾਲੀ ਦਲ ਵੱਲੋਂ ਇਸ ਹਲਕੇ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਕੀਤਾ ਬਾਈਕਾਟ!
ਡੇਰਾ ਬਾਬਾ ਨਾਨਕ ਹਲਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਪ੍ਰੀਸ਼ਦ ਦੀਆਂ ਚੋਣਾਂ ਦਾ ਬਾਈਕਾਟ
ਕਲਾਨੌਰ ਵਿੱਚ ਸੌ ਫੀਸਦੀ ਨਾਮਜ਼ਦਗੀਆਂ ਰੱਦ ਹੋਣ ਦੇ ਨਤੀਜੇ ਵਜੋਂ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਕਲਾਨੌਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ।
ਰੋਹਿਤ ਗੁਪਤਾ
ਗੁਰਦਾਸਪੁਰ 12 ਦਸੰਬਰ 2025 (Media PBN)
ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਪ੍ਰੀਸ਼ਦ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਵੱਲੋਂ ਕਲਾਨੌਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਗਿਆ ਹੈ।
ਕਲਾਨੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ 100 ਫੀਸਦੀ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦ ਕਿ ਡੇਰਾ ਬਾਬਾ ਨਾਨਕ ਹਲਕੇ ਦੀਆਂ 43 ਨਾਮਜ਼ਦਗੀਆਂ ਵਿੱਚੋਂ 40 ਰੱਦ ਕਰ ਦਿੱਤੀਆਂ ਗਈਆਂ ਹਨ, ਪਰ ਹੁਣ ਜਿਹੜੇ ਤਿੰਨ ਨਾਮਜ਼ਦਗੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੱਦ ਨਹੀਂ ਹੋਈਆਂ, ਉਹ ਉਮੀਦਵਾਰ ਵੀ ਚੋਣ ਨਹੀਂ ਲੜਨਗੇ ਅਤੇ ਨਾ ਹੀ ਅਕਾਲੀ ਦਲ ਦੇ ਵਰਕਰ ਇਹਨਾਂ ਚੋਣਾਂ ਵਿੱਚ ਵੋਟ ਪਾਉਣ ਜਾਣਗੇ।
ਪ੍ਰੈੱਸ ਕਾਨਫਰੰਸ ਕਰਕੇ ਲੰਗਾਹ ਨੇ ਕਿਹਾ ਕਿ ਉਹਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਇਲੈਕਸ਼ਨ ਦਾ ਬਾਈਕਾਟ ਕੀਤਾ ਸੀ ਤਾਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਰਾਉਣ ਲਈ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਸੀ, ਪਰ ਨਾਮਜ਼ਦਗੀਆਂ ਰੱਦ ਕਰਵਾ ਕੇ ਆਮ ਆਦਮੀ ਪਾਰਟੀ ਨੇ ਵੱਡਾ ਧੱਕਾ ਕੀਤਾ ਹੈ, ਜਿਸ ਦਾ ਨਤੀਜਾ ਉਸਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।
ਲੰਗਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਬਾਕੀ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਕੋਈ ਕਸਰ ਨਾ ਛੱਡਣ, ਪਰ ਡੇਰਾ ਬਾਬਾ ਨਾਨਕ ਹਲਕੇ ਵਿੱਚ ਕੋਈ ਵੀ ਅਕਾਲੀ ਵਰਕਰ ਵੋਟ ਪਾਉਣ ਨਾ ਜਾਵੇ।

