ਭਗਵੰਤ ਮਾਨ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਹੋਇਆ ਨੰਗਾ! ਹੁਣ ਪਾਵਰ ਕਾਰਪੋਰੇਸ਼ਨ ਦੀਆਂ ਵੇਚੀਆਂ ਜ਼ਮੀਨਾਂ, ਠੇਕਾ ਮੁਲਾਜ਼ਮਾਂ ਵੱਲੋਂ ਭਾਰੀ ਵਿਰੋਧ
ਭਗਵੰਤ ਮਾਨ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਹੋਇਆ ਨੰਗਾ! ਹੁਣ ਪਾਵਰ ਕਾਰਪੋਰੇਸ਼ਨ ਦੀਆਂ ਵੇਚੀਆਂ ਜ਼ਮੀਨਾਂ, ਠੇਕਾ ਮੁਲਾਜ਼ਮਾਂ ਵੱਲੋਂ ਭਾਰੀ ਵਿਰੋਧ
ਲਹਿਰਾ ਮੁਹੱਬਤ ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਾਵਰ ਕਾਰਪੋਰੇਸ਼ਨ ਦੀਆਂ ਜ਼ਮੀਨਾਂ ਵੇਚਣ ਦਾ ਵਿਰੋਧ
ਲਹਿਰਾ ਮੁਹੱਬਤ, 13 ਦਸੰਬਰ 2025 (Media PBN):
ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ‘ਤੇ ਰੋਸ ਰੈਲੀ ਕਰਨ ਉਪਰੰਤ ਬਠਿੰਡਾ ਥਰਮਲ ਕਾਲੋਨੀ ਦੀ ਜ਼ਮੀਨ ਵੇਚਣ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ।
ਇਸ ਮੌਕੇ ਆਗੂਆਂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਵਿੱਤ ਸਕੱਤਰ ਲਛਮਣ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਬਿਜਲੀ ਐਕਟ 2003 ਵਿੱਚ ਲਗਾਤਾਰ ਸੋਧਾਂ ਕਰਦਿਆਂ ਹੁਣ ‘ਬਿਜਲੀ ਸੋਧ ਬਿੱਲ 2025’ ਨੂੰ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਰੂਪ ਵਿੱਚ ਨਿੱਜੀਕਰਨ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਕਾਲੋਨੀ ਸਮੇਤ ਪਾਵਰ ਕਾਰਪੋਰੇਸ਼ਨ ਦੀਆਂ ਹੋਰ ਜ਼ਮੀਨਾਂ ਵੇਚਣ ਦੇ ਫੈਸਲੇ ਵੀ ਇਸੇ ਨੀਤੀ ਤਹਿਤ ਹੀ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਨੂੰ ਲਾਗੂ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ਵਿੱਚ ਵਾਧਾ ਕਰਨ ਲਈ ਸਰਕਾਰੀ ਵਿਭਾਗਾਂ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ, ਲੋਕ ਵਿਰੋਧੀ ਨਿੱਜੀਕਰਨ ਦੀ ਇਸ ਨੀਤੀ ਨੂੰ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ।
ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਰੈਗੂਲਰ/ਪੈਨਸ਼ਨਰਜ਼/ਠੇਕਾ ਮੁਲਾਜ਼ਮਾਂ ਅਤੇ ਹੋਰ ਸੰਘਰਸ਼ਸ਼ੀਲ ਤਬਕਿਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਿੱਜੀਕਰਨ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ ਸਾਂਝੇ ਸੰਘਰਸ਼ ਦੀਆਂ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ ਕਿਉਂਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਫੈਸਲੇ ਲਏ ਜਾ ਰਹੇ ਹਨ, ਉਨ੍ਹਾਂ ਤੋਂ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਪਾਵਰ ਕਾਰਪੋਰੇਸ਼ਨ ਸਮੇਤ ਹੋਰ ਸਮੂਹ ਸਰਕਾਰੀ ਅਦਾਰਿਆਂ ਦਾ ਮੁਕੰਮਲ ਰੂਪ ਵਿੱਚ ਨਿੱਜੀਕਰਨ ਕਰਨਾ ਤਹਿ ਹੈ।

