All Latest NewsGeneralNews FlashPunjab News

ਵੱਡੀ ਖ਼ਬਰ: ਕੰਪਿਊਟਰ ਅਧਿਆਪਕਾਂ ਵੱਲੋਂ ਭਗਵੰਤ ਮਾਨ ਦੇ ਦਫ਼ਤਰ ਅੱਗੇ ਭੁੱਖ ਹੜਤਾਲ/ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

 

ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੇ ਕੀਤੇ ਜਾਣ ਦੀ ਅਪੀਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕੰਪਿਊਟਰ ਅਧਿਆਪਕਾਂ ਦੁਆਰਾ ਪੰਜਾਬ ਸਰਕਾਰ ਦੀਆਂ ਲਾਰੇ ਲੱਪੇ ਵਾਲੀਆਂ ਨੀਤੀਆਂ ਤੋਂ ਤੰਗ ਆ ਕੇ 10 ਅਗਸਤ ਤੋਂ ਧੂਰੀ (ਜਿਲ੍ਹਾ ਸੰਗਰੂਰ) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।

ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਬਠਿੰਡਾ ਅਤੇ ਵਿਕਾਸ ਕੁਮਾਰ ਅੰਮ੍ਰਿਤਸਰ ਵੱਲੋਂ 10 ਅਗਸਤ ਤੋਂ ਇਸ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਜੇਕਰ ਪੰਜਾਬ ਸਰਕਾਰ ਨੇ ਜਲਦੀ ਕੋਈ ਠੋਸ ਹੱਲ ਨਾ ਕੱਢਿਆ ਤਾਂ ਇਸ ਭੁੱਖ ਹੜਤਾਲ ਨੂੰ ਮਰਨ ਵਰਤ ਵਿੱਚ ਤਬਦੀਲ ਕੀਤਾ ਜਾਵੇਗਾ।

ਇਸ ਮੌਕੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਦੇ ਲਈ, ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਹਵਾਈ ਕਿਲੇ ਹੀ ਸਾਬਿਤ ਹੋਏ ਹਨ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੀ ਉਨਾਂ ਦੇ ਨਾਲ ਅਜਿਹਾ ਹੀ ਕਰਦੀਆਂ ਰਹੀਆਂ ਹਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨਾਂ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਜੋ ਕਿ ਨਿੰਦਣਯੋਗ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਉਕਤ ਭੁੱਖ ਹੜਤਾਲ/ਮਰਨ ਵਰਤ ਵਿੱਚ ਸ਼ਾਮਿਲ ਹੁੰਦੇ ਹੋਏ ਸਰਕਾਰ ਖਿਲਾਫ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ।

ਕਿਉਂ ਕਰ ਰਹੇ ਹਨ ਕੰਪਿਊਟਰ ਅਧਿਆਪਕ ਸੰਘਰਸ਼?

ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਲੰਬੇ ਅਰਸੇ ਤੋਂ ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਦੇ ਬਾਵਜੂਦ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਨਹੀਂ ਕੀਤਾ ਜਾ ਰਿਹਾ, ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ। ਉਨਾਂ ਨੂੰ ਪੰਜਾਬ ਸਿਵਲ ਸਰਵਿਸਿਸ ਦੇ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਲੇਕਿਨ ਜਿਉਂ ਜਿਉਂ ਸਮਾਂ ਬੀਤਦਾ ਜਾ ਰਿਹਾ ਹੈ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਦਿੱਤੇ ਹੱਕ ਵੀ ਖੋਹੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗੂੰ ਉਨਾਂ ਨੂੰ ਹਾਲੇ ਤੱਕ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਜਦੋਂ ਕਿ ਉਨਾਂ ਨੂੰ ਪਹਿਲਾਂ 5ਵੇਂ ਪੇ ਕਮਿਸ਼ਨ ਦੇ ਅਨੁਸਾਰ ਤਨਖਾਹ ਮਿਲ ਰਹੀ ਹੈ। ਏਥੋਂ ਤੱਕ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 2022 ਦੀ ਦੀਵਾਲੀ ਮੌਕੇ ਜਨਤਕ ਤੌਰ ਤੇ ਕਿਹਾ ਕਿ ਇਸ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਛੇਵਾਂ ਪੇ ਕਮਿਸ਼ਨ ਦਾ ਲਾਭ ਦਿੱਤਾ ਜਾਵੇਗਾ ਅਤੇ ਪੰਜਾਬ ਸਿਵਿਲ ਸਰਵਿਸ ਰੂਲਜ ਲਾਗੂ ਕੀਤੇ ਜਾਣਗੇ ਪਰੰਤੂ 2 ਸਾਲ ਬੀਤ ਜਾਣ ਉਪਰੰਤ ਅਜੇ ਤੱਕ ਓਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਉਨਾਂ ਦੱਸਿਆ ਕਿ ਕਿਸੇ ਵੀ ਕੰਪਿਊਟਰ ਅਧਿਆਪਕ ਨੂੰ ਅੱਜ ਤੱਕ ਮੈਡੀਕਲ ਰਿੰਬਰਸਮੈਂਟ ਦਾ ਲਾਭ ਨਹੀਂ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਸੂਬੇ ਭਰ ਦੇ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਬਾਕੀ ਕਰਮਚਾਰੀਆਂ ਵਾਂਗੂੰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਵਿੱਤੀ ਲਾਭ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜੋ ਕਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਨਾਂ ਦੀ ਸਿਰਫ ਇਹੀ ਮੰਗ ਹੈ ਕਿ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ।

ਇਸ ਮੌਕੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਮੈਂਬਰਾਂ ਪਰਮਵੀਰ ਸਿੰਘ, ਪਰਦੀਪ ਕੁਮਾਰ ਮਲੂਕਾ, ਰਜਵੰਤ ਕੌਰ ਅਤੇ ਗੁਰਬਖਸ਼ ਲਾਲ ਨੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੂੰ ਉਕਤ ਚੱਲ ਰਹੇ ਸੰਘਰਸ਼ ਵਿੱਚ ਵੱਧ ਚੜ ਕੇ ਪਰਿਵਾਰਾਂ ਸਮੇਤ ਹਿੱਸਾ ਲੈਣ ਦੇ ਲਈ ਅਪੀਲ ਵੀ ਕੀਤੀ।

 

Leave a Reply

Your email address will not be published. Required fields are marked *