ਸਰਕਾਰੀ ਸਕੂਲ ਦੀਆਂ 2 ਅਧਿਆਪਕਾਵਾਂ ਨੇ ਲਾਏ BPEO ‘ਤੇ ਗੰਭੀਰ ਦੋਸ਼!, ਮਾਮਲਾ ਸਿੱਖਿਆ ਵਿਭਾਗ ਦਫ਼ਤਰ ਤੱਕ ਪੁੱਜਾ
ਪੀੜਤ ਮਹਿਲਾ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਜਮਹੂਰੀ ਜਥੇਬੰਦੀਆਂ ਵੱਲੋਂ ਸਮਰਥਨ ਦੇਣ ਦਾ ਐਲਾਨ
22 ਦਸੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਰੋਸ ਮੁਜਾਹਰਾ ਹੋਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ 20 ਦਸੰਬਰ 2025- ਸਿੱਖਿਆ ਵਿਭਾਗ ਵੱਲੋਂ 1 ਬੀ.ਪੀ.ਈ.ਓ. ਖਿਲਾਫ ਕੋਈ ਕਾਰਵਾਈ ਨਾ ਕਰਨ ‘ਤੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਸਮੂਹ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਮੀਟਿੰਗ ਕਰਕੇ ਤਿੱਖਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਡੈਮੋਕ੍ਰੇਟਿਕ ਜੰਗਲਾਤ ਵਰਕਰਜ਼ ਯੂਨੀਅਨ, ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਗੁਰਦਾਸਪੁਰ, ਪੰਜਾਬ ਸਟੂਡੈਂਟਸ ਯੂਨੀਅਨ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਡੈਮੋਕ੍ਰੇਟਿਕ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੇ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਦੇ ਸੱਦੇ ‘ਤੇ ਭਾਗ ਲਿਆ।
ਮੀਟਿੰਗ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀ.ਪੀ.ਈ.ਓ. ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ।
ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਦੀ ਕਨਵੀਨਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਅਤੇ ਕੋ-ਕਨਵੀਨਰ ਗੁਰਮਿੰਦਰ ਕੌਰ ਬਹਿਰਾਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਫਰੰਟ ਵੱਲੋਂ ਲਗਾਤਾਰ ਸਿੱਖਿਆ ਵਿਭਾਗ ਪੰਜਾਬ ਦੇ ਨਾਲ ਰਾਬਤਾ ਕਾਇਮ ਕਰਕੇ 1 ਬੀ.ਪੀ.ਈ.ਓ. ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬੀ.ਪੀ.ਈ.ਓ. ਦੀਆਂ ਵਧੀਕੀਆਂ ਵਿਰੁੱਧ ਜਾਣਕਾਰੀ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਕੂਲ ਗੁਰਦਾਸਪੁਰ ਦੇ ਦਫ਼ਤਰ ਵਿਚ ਬਣੀ ਐਂਟੀ ਸੈਕਸੁਅਲ ਹਰਾਸਮੈਂਟ ਕਮੇਟੀ ਵੱਲੋਂ 30 ਅਕਤੂਬਰ ਨੂੰ ਬਿਆਨ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ, ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਿਸ ਕਰਕੇ ਪੀੜਤ ਅਧਿਆਪਕਾਵਾਂ ਨੂੰ ਇਨਸਾਫ ਦਿਵਾਉਣ ਲਈ 22 ਤਾਰੀਖ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਇਸ ਮੌਕੇ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਅਮਰਜੀਤ ਸ਼ਾਸਤਰੀ, ਅਮਰਜੀਤ ਸਿੰਘ ਕੋਠੇ ਘੁਰਾਲਾ, ਕਾਮਰੇਡ ਸਤਿਬੀਰ ਸਿੰਘ ਸੁਲਤਾਨੀ, ਗੁਰਮਿੰਦਰ ਕੌਰ, ਮੋਨਿਕਾ ਗੁਰਦਾਸਪੁਰ, ਸੁਖਦੇਵ ਸਿੰਘ ਬਹਿਰਾਮਪੁਰ, ਜੋਗਿੰਦਰ ਪਾਲ ਪਨਿਆੜ, ਜੋਗਿੰਦਰ ਪਾਲ ਘੁਰਾਲਾ, ਮੇਜ਼ਰ ਸਿੰਘ ਕੋਟ ਟੋਡਰਮਲ, ਨਿਰਮਲ ਸਿੰਘ ਸਰਵਾਲੀ, ਅਮਰ ਕ੍ਰਾਂਤੀ, ਮੋਹਨ ਲਾਲ ਨੇ ਔਰਤ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਦ੍ਰਿੜਤਾ ਨਾਲ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।

