ਪੰਜਾਬ ਸਰਕਾਰ ਵੱਲੋਂ ‘ਸੇਫ਼ ਸਕੂਲ ਵਾਹਨ’ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਦੇ ਹੁਕਮ
ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
ਸੇਫ਼ ਸਕੂਲ ਵਾਹਨ ਨੀਤੀ ਦੀ ਸਖ਼ਤ ਪਾਲਣਾ ਦੇ ਹੁਕਮ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਸਰਦੀਆਂ ਦੌਰਾਨ ਸਕੂਲ ਵਾਹਨਾਂ ਦੀ ਚੈਕਿੰਗ ਅਤੇ ਸੁਰੱਖਿਅਤ ਸੰਚਾਲਨ ਯਕੀਨੀ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਦਸੰਬਰ 2025:
ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ ਵਿੱਚ ਸਕੂਲ ਵਾਹਨਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇਗੀ ਅਤੇ ਨੀਤੀ ਦੇ ਸਾਰੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਵ ਕੀਤਾ ਜਾ ਸਕੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਦੇ ਸੁਰੱਖਿਅਤ ਸੰਚਾਲਨ ਲਈ ਵਿਜ਼ੀਬਿਲਟੀ ਯਕੀਨੀ ਬਣਾਉਣਾ, ਵਾਹਨਾਂ ਦੀ ਗਤੀ ਘਟਾਉਣਾ, ਰਿਫਲੈਕਟਰਾਂ ਦੀ ਵਰਤੋਂ ਅਤੇ ਹੈੱਡਲਾਈਟਸ ਤੇ ਫੋਗ ਲਾਈਟਸ ਚਾਲੂ ਰੱਖਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਡਰਾਈਵਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਨੇ ਸਕੂਲਾਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਧੁੰਦ ਕਾਰਨ ਸਕੂਲੀ ਵਾਹਨ ਦੇਰੀ ਨਾਲ ਸਕੂਲ ਪਹੁੰਚਦੇ ਹਨ, ਤਾਂ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾਇਆ ਜਾਵੇ।
ਸਥਿਤੀ ਨੂੰ ਸਮਝਦਿਆਂ ਸਕੂਲੀ ਵਾਹਨਾਂ ਵਿੱਚ ਸਫ਼ਰ ਕਰ ਰਹੇ ਬੱਚਿਆਂ ਅਤੇ ਮੁਲਾਜ਼ਮਾਂ ਦੀ ਜਾਨੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਬੱਚਿਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

