Education News: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਚੁੱਕਿਆ ਵੱਡਾ ਕਦਮ!
Education News: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਚੁੱਕਿਆ ਵੱਡਾ ਕਦਮ!
Punjab Education News, 23 Dec 2025-
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ।
ਬੈਂਸ ਨੇ ਦੱਸਿਆ ਕਿ ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ. ਆਈ.-ਆਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ “ਬਿਓਂਡ ਮੈਂਟਰ” ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ ‘ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।
ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸ ਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ।
ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ. ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।- abp

