ਸਿੱਖਿਆ ਵਿਭਾਗ ‘ਚ ਮੈਰੀਟੋਰੀਅਸ ਅਧਿਆਪਕਾਂ ਨੂੰ ਜਲਦ ਕੀਤਾ ਜਾਵੇ ਰੈਗੂਲਰ; ਯੂਨੀਅਨ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪਿਆ ਮੰਗ ਪੱਤਰ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਗਿਆ ਮੰਗ ਪੱਤਰ
ਸਿੱਖਿਆ ਵਿਭਾਗ ਵਿੱਚ ਜਲਦ ਰੈਗੂਲਰ ਕੀਤਾ ਜਾਵੇ : ਡਾ. ਟੀਨਾ ਸੂਬਾ ਪ੍ਰਧਾਨ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਿਲਿਆ ਭਰੋਸਾ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ : ਡਾ. ਅਜੇ ਸ਼ਰਮਾ ਜਨਰਲ ਸਕੱਤਰ
Punjab News, 26 Dec 2025 (Media PBN)
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਚਿਰਾਂ ਤੋਂ ਸਿੱਖਿਆ ਵਿਭਾਗ ਵਿੱਚ ਲਟਕ ਰਹੀ ਮੰਗ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਕੋਟਕਪੂਰਾ ਵਿਖੇ ਮੰਗ ਪੱਤਰ ਸੌਂਪਿਆ ਗਿਆ। ਚੇਤੇ ਰਹੇ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ, ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਈ ਹੋਈ ਹੈ।
ਸੂਬਾ ਪ੍ਰਧਾਨ ਡਾ. ਟੀਨਾ ਨੇ ਸਪੀਕਰ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਜਦ ਕਿ ਉਹ ਮੈਰੀਟੋਰੀਅਸ ਸਕੂਲਾਂ ਤੋਂ ਪੜ੍ਹੇ ਗਰੀਬ ਘਰਾਂ ਦੇ ਬੱਚਿਆਂ ਨੂੰ ਉੱਚ ਕੋਟੀ ਦੇ ਅਫ਼ਸਰ ਬਣਾ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਹੋ ਰਹੀਆਂ ਕੈਬਨਿਟ-ਸਬ ਕਮੇਟੀ ਤੇ ਸਿੱਖਿਆ ਮੰਤਰੀ ਨਾਲ ਮੀਟਿੰਗਾਂ ਵਿੱਚ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸੰਬੰਧੀ ਨਿੱਤ ਲਾਰੇ ਤੇ ਲਾਰੇ ਮਿਲ ਰਹੇ ਹਨ, ਜਿਸ ਕਾਰਨ ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ।
ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਦਾ ਪੰਜਾਬ ਸਰਕਾਰ ਨੇ ਮੁੱਲ ਨਹੀਂ ਪਾਇਆ, ਮੈਰੀਟੋਰੀਅਸ ਟੀਚਰਜ਼ ਲਗਾਤਾਰ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ, ਸਾਡੀ ਮਿਹਨਤ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਬਣਦੇ ਬਕਾਏ ਰੋਕੇ ਗਏ ਹਨ, ਹੋਰ ਤਾਂ ਹੋਰ ਪਿਛਲੇ 11 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 4500 ਰੁਪਏ ਨਾਮਾਤਰ ਹੋਇਆ ਹੈ, ਇਸ ਤੋਂ ਵੱਧ ਸ਼ੋਸ਼ਣ ਹੋਰ ਕੀ ਹੋ ਸਕਦਾ ਹੈ, ਚਿਰਾਂ ਤੋਂ ਲਟਕਦੇ ਬਕਾਏ ਰੋਕੇ ਗਏ ਹਨ।
ਦੂਸਰੇ ਪਾਸੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਤੋਂ ਹੋਈ ਦੇਰੀ ਕਰਕੇ ਮੈਰੀਟੋਰੀਅਸ ਟੀਚਰਜ਼ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਮੰਗ ਕੀਤੀ ਕਿ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਜਲਦ ਰੈਗੂਲਰ ਕੀਤਾ ਜਾਵੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿਵਾਇਆ ਕਿ ਜਲਦ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਨੂੰ ਦੇਖਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇਗਾ। ਇਸ ਸਮੇਂ ਸੂਬਾਈ ਆਗੂ ਬੂਟਾ ਸਿੰਘ ਮਾਨ ਵੀ ਹਾਜ਼ਰ ਰਹੇ।

