ਵੱਡੀ ਖ਼ਬਰ: ਪੰਜਾਬ ‘ਚ ਕਿਸਾਨ ਦਾ ਸੀਰੀ ਵੱਲੋਂ ਕਤਲ!
ਵੱਡੀ ਖ਼ਬਰ: ਪੰਜਾਬ ‘ਚ ਕਿਸਾਨ ਦਾ ਸੀਰੀ ਵੱਲੋਂ ਕਤਲ!
ਫਗਵਾੜਾ ਨੇੜੇ ਪਿੰਡ ਮੰਡਾਲੀ ਵਿੱਚ ਮਜ਼ਦੂਰ ਵੱਲੋਂ ਹਮਲਾ, ਮਾਲਕ ਦੀ ਮੌਤ
ਹੱਥੋਪਾਈ ਦੌਰਾਨ ਜ਼ਖਮੀ ਹੋਏ ਦਵਿੰਦਰ ਸਿੰਘ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਤੋੜਿਆ ਦਮ
ਫਗਵਾੜਾ , 28 ਦਸੰਬਰ 2025: ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ ਵਿੱਚ ਇੱਕ ਬੇਹੱਦ ਹੈਰਾਨ ਕਰ ਦੇਣ ਵਾਲੀ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਘਰ ਵਿੱਚ ਖੇਤੀਬਾੜੀ ਦੇ ਕੰਮ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਕਥਿਤ ਤੌਰ ‘ਤੇ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ, ਜਿਸ ਦੌਰਾਨ ਮਾਲਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਮੰਡਾਲੀ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਦਵਿੰਦਰ ਸਿੰਘ ਨੇ ਉਸਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮਜ਼ਦੂਰ ਗੁੱਸੇ ਵਿੱਚ ਆ ਗਿਆ ਅਤੇ ਹੱਥੋਪਾਈ ਕਰਨ ਲੱਗ ਪਿਆ। ਇਸ ਦੌਰਾਨ ਉਸ ਨੇ ਕਿਸੇ ਅਣਪਛਾਤੀ ਚੀਜ਼ ਨਾਲ ਦਵਿੰਦਰ ਸਿੰਘ ‘ਤੇ ਵਾਰ ਕਰ ਦਿੱਤਾ।
ਘਟਨਾ ਤੋਂ ਤੁਰੰਤ ਬਾਅਦ ਦਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ। ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰਾਂ ਨੇ ਦੱਸਿਆ ਕਿ ਜਦੋਂ ਦਵਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਉਸ ਸਮੇਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਮੁਤਾਬਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾ ਸਕੇਗੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸਾਰੇ ਪੱਖਾਂ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਮਜ਼ਦੂਰ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।

