Punjab News: ਪੱਤਰਕਾਰਾਂ ਖ਼ਿਲਾਫ਼ ਝੂਠੇ ਪੁਲਿਸ ਕੇਸ ਦਰਜ਼ ਕਰਨ ਦੀ ‘ਮੋਰਚੇ’ ਵੱਲੋਂ ਨਿਖੇਧੀ
Punjab News: ਪੱਤਰਕਾਰਾਂ ਖ਼ਿਲਾਫ਼ ਝੂਠੇ ਪੁਲਿਸ ਕੇਸ ਦਰਜ਼ ਕਰਨ ਦੀ ‘ਮੋਰਚੇ’ ਵੱਲੋਂ ਨਿਖੇਧੀ
ਪੁਲਿਸ ਕੇਸ ਦਰਜ਼ ਕਰਨ ਦੇ ਨਾਦਰਸ਼ਾਹੀ ਫੁਰਮਾਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ
ਚੰਡੀਗੜ੍ਹ, 3 ਜਨਵਰੀ 2026 (Media PBN)
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਨੀਲੋਂ, ਰਮਨਦੀਪ ਸਿੰਘ, ਪਰਮਜੀਤ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਦੇ ਉਹਨਾਂ ਨਾਦਰਸ਼ਾਹੀ ਫੁਰਮਾਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ, ਜਿੰਨ੍ਹਾਂ ਰਾਹੀਂ ਵੱਖ-ਵੱਖ ਬੇਸਿਰਪੈਰ ਬਹਾਨਿਆਂ ਹੇਠ ਪੰਜਾਬ ਦੇ ਦਸ ਪੱਤਰਕਾਰਾਂ ਉੱਪਰ ਝੂਠੇ ਪਰਚੇ ਦਰਜ਼ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਧਮਕੀ ਦਿੱਤੀ ਗਈ ਹੈ।
ਆਗੂਆਂ ਵੱਲੋਂ ਕਿਹਾ ਗਿਆ ਕਿ ਇਹ ਪ੍ਰੈੱਸ ਦੀ ਮਾੜੀ ਮੋਟੀ ਆਜ਼ਾਦੀ ਤੇ ਹਮਲਾ ਹੈ, ਇਹ ਸੱਚ ਦੀ ਆਵਾਜ਼ ਨੂੰ ਮੁਕੰਮਲ ਤੌਰ ਤੇ ਬੰਦ ਕਰਨ ਦੀ ਇੱਕ ਸਾਜ਼ਿਸ਼ ਹੈ।
ਇਹ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਖੁਦ ਹੜੱਪਣ ਅਤੇ ਇਹਨਾਂ ਨੂੰ ਕਾਰਪੋਰੇਟ ਲੁਟੇਰਿਆਂ ਅੱਗੇ ਪਰੋਸਣ ਦੇ ਕੁਕਰਮਾਂ ਤੇ ਮਿਹਨਤਕਸ਼ ਲੋਕਾਂ ਤੋਂ ਚੋਰੀ ਪਰਦਾ ਪਾਕੇ ਰੱਖਣ ਦੀ ਇੱਕ ਗਿਣੀ-ਮਿਥੀ ਸਾਜ਼ਿਸ਼ ਹੈ, ਜਿਸਨੂੰ ਪੰਜਾਬ ਦੇ ਮਿਹਨਤਕਸ਼ ਲੋਕ ਕਿਸੇ ਵੀ ਹਾਲਤ ਵਿੱਚ ਪ੍ਰਵਾਨ ਨਹੀਂ ਕਰਨਗੇ।
‘ਮੋਰਚੇ’ ਦੇ ਆਗੂਆਂ ਨੇ ਪੱਤਰਕਾਰ ਭਾਈਚਾਰੇ ਵੱਲੋਂ ਇਸ ਧੱਕੇਸ਼ਾਹੀ ਵਿਰੁੱਧ ਡਟਣ ਦੇ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਇਸ ਸੰਘਰਸ਼ ਵਿੱਚ ਪੱਤਰਕਾਰ ਵੀਰਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹਨ ਦਾ ਐਲਾਨ ਕੀਤਾ ਗਿਆ।

