ਵੱਡੀ ਖ਼ਬਰ: ਪੰਜਾਬ ਸਰਕਾਰ ਠੇਕੇ ਦੇਵੇਗੀ ਸਰਕਾਰੀ ਕਾਲਜ ਦੀ ਜ਼ਮੀਨ
ਚੰਡੀਗੜ੍ਹ, 9 ਜਨਵਰੀ 2026-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕੈਬਨਿਟ ਨੇ ਜੈਨ ਭਾਈਚਾਰੇ ਵੱਲੋਂ ਘੱਟ ਗਿਣਤੀ ਮੈਡੀਕਲ ਕਾਲਜ (ਮਨਿਉਰਿਟੀ ਮੈਡੀਕਲ ਕਾਲਜ) ਸਥਾਪਤ ਕਰਨ ਵਾਸਤੇ ਬਾਬਾ ਹੀਰਾ ਸਿੰਘ ਭੱਠਲ ਟੈਕਨੀਕਲ ਕਾਲਜ, ਲਹਿਰਾਗਾਗਾ ਵਿੱਚ ਸਥਿਤ 19 ਏਕੜ 4 ਕਨਾਲ ਜ਼ਮੀਨ ਨਾਮਾਤਰ ਲੀਜ਼ ਦਰਾਂ ’ਤੇ ਜੈਨ ਸੁਸਾਇਟੀ ਨੂੰ ਦੇਣ ਦਾ ਫੈਸਲਾ ਕੀਤਾ ਹੈ।
ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ। ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਟਰੱਸਟ ਨੂੰ ਸਮਝੌਤਾ ਪੱਤਰ (ਐਮ.ਓ.ਯੂ.) ਦੇ ਲਾਗੂ/ਸ਼ੁਰੂ ਹੋਣ ਦੀ ਮਿਤੀ ਤੋਂ ਪੰਜ ਸਾਲਾਂ ਦੇ ਅੰਦਰ-ਅੰਦਰ ਹਸਪਤਾਲ ਦਾ ਕੰਮਕਾਜ ਜਲਦੀ ਤੋਂ ਜਲਦੀ ਸ਼ੁਰੂ ਕਰਨਾ ਹੋਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ ਘੱਟੋ-ਘੱਟ 220 ਬਿਸਤਰਿਆਂ ਵਾਲੇ ਹਸਪਤਾਲ ਅਤੇ 50 ਐਮ.ਬੀ.ਬੀ.ਐਸ. ਸੀਟਾਂ ਦੀ ਦਾਖ਼ਲਾ ਸਮਰੱਥਾ ਦੇ ਨਾਲ ਕੀਤਾ ਜਾਵੇਗਾ ਅਤੇ ਇਸ ਐਮ.ਓ.ਯੂ. ਦੇ ਅੱਠ ਸਾਲਾਂ ਦੇ ਅੰਦਰ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਘੱਟੋ-ਘੱਟ 400 ਬਿਸਤਰਿਆਂ ਨਾਲ ਹਸਪਤਾਲ ਦਾ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।

