ਵੱਡੀ ਖ਼ਬਰ: ਕੈਨੇਡਾ ‘ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

All Latest NewsNews FlashPunjab NewsTop BreakingTOP STORIESWorld News

 

ਸਰੀ ਵਿਖੇ ਕਾਰੋਬਾਰੀ ਦੀ ਹੱਤਿਆ ਨਾਲ ਫੈਲੀ ਦਹਿਸ਼ਤ

ਸਰੀ (ਕੈਨੇਡਾ), 14 Jan 2026:

ਕੈਨੇਡਾ ਦੇ ਸਰੀ (Surrey) ਵਿੱਚ ਇੱਕ ਪੰਜਾਬੀ ਕਾਰੋਬਾਰੀ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹੋ ਗਈ ਹੈ, ਹਾਲਾਂਕਿ ਪੁਲਿਸ ਨੇ ਕਿਹਾ ਕਿ ਜਲਦੀ ਹੀ ਮ੍ਰਿਤਕ ਦਾ ਨਾਮ ਦੱਸਿਆ ਜਾਵੇਗਾ।

ਇਸ ਵਾਰਦਾਤ ਤੋਂ ਬਾਅਦ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਭਾਈਚਾਰੇ ਵਿੱਚ ਸੋਗ ਅਤੇ ਦਹਿਸ਼ਤ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬੀ ਕਾਰੋਬਾਰੀ ‘ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਇੱਕ ਫਾਰਮ ਦੇ ਗੇਟ ਨੇੜੇ ਮੌਜੂਦ ਸੀ।

ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਪੁਲਿਸ ਨੂੰ ਇੱਕ ਸੜੀ ਹੋਈ ਗੱਡੀ ਮਿਲੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਬੂਤ ਮਿਟਾਉਣ ਲਈ ਗੱਡੀ ਨੂੰ ਅੱਗ ਲਗਾ ਕੇ ਫ਼ਰਾਰ ਹੋ ਗਏ।

ਪੁਲਿਸ ਟੀਮ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਵਿੱਚ ਪਿਛਲੇ ਕੁਝ ਸਮੇਂ ਤੋਂ ਪੰਜਾਬੀਆਂ ‘ਤੇ ਹੋ ਰਹੇ ਹਮਲਿਆਂ ਅਤੇ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਵਿੱਚ ਤੇਜ਼ੀ ਆਈ ਹੈ।

ਪੰਜਾਬੀ ਕਾਰੋਬਾਰੀ ਦੇ ਕਤਲ ਨੇ ਇੱਕ ਵਾਰ ਫਿਰ ਸਥਾਨਕ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

 

Media PBN Staff

Media PBN Staff