ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ: “ਸਰਹੱਦੀ ਇਲਾਕਿਆਂ ਦੀਆਂ ਕੱਚੀਆਂ ਜ਼ਮੀਨਾਂ 10 ਦਿਨਾਂ ਚ ਕਰਾਂਗੇ ਪੱਕੀਆਂ, ਗੈਂਗਸਟਰਾਂ ਦੀ ਜਾਇਦਾਦ ਹੋਵੇਗੀ ਜ਼ਬਤ”
ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ: “ਸਰਹੱਦੀ ਇਲਾਕਿਆਂ ਦੀਆਂ ਕੱਚੀਆਂ ਜ਼ਮੀਨਾਂ 10 ਦਿਨਾਂ ਚ ਕਰਾਂਗੇ ਪੱਕੀਆਂ, ਗੈਂਗਸਟਰਾਂ ਦੀ ਜਾਇਦਾਦ ਹੋਵੇਗੀ ਜ਼ਬਤ”
Punjab News, 14 Jan 2026
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਜਿੱਥੇ ਗੈਂਗਸਟਰਵਾਦ ਅਤੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ, ਉੱਥੇ ਹੀ ਗਰੀਬਾਂ ਅਤੇ ਨੌਜਵਾਨਾਂ ਅਤੇ ਕਿਸਾਨਾਂ ਲਈ ਕਈ ਅਹਿਮ ਵਾਅਦੇ ਕੀਤੇ।
ਸੁਖਬੀਰ ਬਾਦਲ ਨੇ ਕਿਹਾ ਕਿ ਪਿੰਡਾਂ ਵਿੱਚ ਲਾਲ ਡੋਰੇ ਦੇ ਅੰਦਰ ਜਿਸ ਕੋਲ ਜਿੰਨੀ ਜ਼ਮੀਨ ਹੈ, ਉਸ ਦੀ ਰਜਿਸਟਰੀ ਮੁਫ਼ਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਦੀਆਂ ਕੱਚੀਆਂ ਜ਼ਮੀਨਾਂ ਨੂੰ 10 ਦਿਨਾਂ ਦੇ ਅੰਦਰ ਪੱਕਾ ਕਰਨ ਅਤੇ ਸਾਂਝੇ ਖਾਤਿਆਂ ਦੀ ਤਕਸੀਮ ਦਾ ਮਸਲਾ ਇੱਕ ਸਾਲ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ।
ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ‘ਤੇ ਨਕੇਲ
ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੰਜਾਬ ਵਿੱਚ ਇੱਕ ਵੀ ਗੈਂਗਸਟਰ ਨਹੀਂ ਰਹਿਣ ਦਿੱਤਾ ਜਾਵੇਗਾ। ਧਮਕੀਆਂ ਦੇਣ ਵਾਲਿਆਂ ਅਤੇ ਨਸ਼ਾ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਸਰਕਾਰ ਜ਼ਬਤ ਕਰੇਗੀ ਅਤੇ ਕਾਨੂੰਨ ਵਿੱਚ ਸੋਧ ਕਰਕੇ 5 ਸਾਲ ਤੱਕ ਜ਼ਮਾਨਤ ਨਾ ਹੋਣ ਦਾ ਪ੍ਰਬੰਧ ਕੀਤਾ ਜਾਵੇਗਾ।
ਸੁਖਬੀਰ ਬਾਦਲ ਨੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਅਤੇ ਉਨ੍ਹਾਂ ਵਿੱਚ 50% ਸੀਟਾਂ ਪੰਜਾਬ ਦੇ ਗਰੀਬ ਬੱਚਿਆਂ ਲਈ ਰਾਖਵੀਆਂ ਰੱਖਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ, 10 ਲੱਖ ਰੁਪਏ ਤੱਕ ਦਾ ਬਿਨਾਂ ਵਿਆਜ ਕਰਜ਼ਾ (ਪਹਿਲੇ 3 ਸਾਲ ਕੋਈ ਕਿਸ਼ਤ ਨਹੀਂ) ਦੇਣ ਦੀ ਗੱਲ ਕਹੀ ਤਾਂ ਜੋ ਨੌਜਵਾਨ ਆਪਣਾ ਕੰਮ ਸ਼ੁਰੂ ਕਰ ਸਕਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਬਦਲ ਕੇ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬ ਦੇ ਵਸਨੀਕਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ ਅਤੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਹੱਕ ਨਹੀਂ ਦਿੱਤਾ ਜਾਵੇਗਾ।

