ਸਿਵਲ ਸਰਜਨ ਵੱਲੋਂ ਕਮਿਊਨਟੀ ਸਿਹਤ ਕੇਂਦਰ ਮਮਦੋਟ ਵਿਖੇ ਕੀਤੀ ਚੈਕਿੰਗ! ਸਟਾਫ ਦੀਆਂ ਸੁਣੀਆਂ ਮੁਸ਼ਕਿਲਾਂ-ਦਿੱਤਾ ਹੱਲ ਦਾ ਭਰੋਸਾ
ਗਰਭਵਤੀ ਔਰਤਾਂ ਅਤੇ ਨਵ ਜਨਮੇ ਬੱਚਿਆਂ ਦੀ ਸਿਹਤ ਦਾ ਰੱਖਿਆ ਜਾਵੇ ਖ਼ਾਸ ਖਿਆਲ: ਸਿਵਲ ਸਰਜਨ
ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਸਿਵਲ ਸਰਜਨ
ਬਲਜੀਤ ਸਿੰਘ ਕਚੂਰਾ
ਮਮਦੋਟ, 14 ਜਨਵਰੀ 2026-
ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਵੱਲੋਂ ਕਮਿਊਨਟੀ ਸਿਹਤ ਕੇਂਦਰ ਮਮਦੋਟ ਵਿਖੇ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਇਸ ਮੌਕੇ ਸਟਾਫ ਅਤੇ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਪੁਖਤਾ ਹੱਲ ਦਾ ਭਰੋਸਾ ਦਿਵਾਇਆ। ਆਪਣੀ ਮਮਦੋਟ ਫੇਰੀ ਦੌਰਾਨ ਉਹਨਾਂ ਵੱਲੋਂ ਓ ਪੀ ਡੀ, ਜੱਚਾ ਬੱਚਾ ਵਾਰਡ, ਲੈਬ ਸਮੇਤ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ।
ਇਸ ਦੌਰੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਦਿਨ ਰਾਤ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤਹਿਤ ਉਨ੍ਹਾਂ ਵੱਲੋਂ ਲਗਾਤਾਰ ਸਿਹਤ ਕੇਂਦਰ ਦੇ ਦੌਰੇ ਕਰਕੇ ਵੱਧ ਤੋਂ ਵੱਧ ਸੁਧਾਰ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਗਰਭਵਤੀ ਔਰਤਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਦੀ ਸਿਹਤ, ਹਾਈ ਰਿਸਕ ਕੇਸਾਂ ਦੀ ਪਹਿਚਾਣ ਕਰਕੇ ਮੈਡੀਕਲ ਨਿਗਰਾਨੀ ਅਤੇ ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸ ਤੋਂ ਇਲਾਵਾ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨਾ ਅਤੇ ਉਨ੍ਹਾਂ ਦਾ ਵਿਸ਼ੇਸ਼ ਇਲਾਜ ਯਕੀਨੀ ਬਣਾਇਆ ਜਾਵੇ। ਉਹਨਾਂ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ ਰੇਖਾ ਭੱਟੀ, ਮੈਡੀਕਲ ਅਫ਼ਸਰ ਡਾ ਜਸਪ੍ਰੀਤ ਸਿੰਘ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ, ਅਮਰਜੀਤ ਬਲਾਕ ਐਸ ਆਈ ਸਮੇਤ ਸਟਾਫ ਹਾਜ਼ਰ ਸੀ।

