ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਸਰਕਾਰ ਨੇ ਵਿਖਾਇਆ ‘ਮੁਲਾਜ਼ਮ ਵਿਰੋਧੀ ਚਿਹਰਾ!’
ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਸਰਕਾਰ ਨੇ ਵਿਖਾਇਆ ‘ਮੁਲਾਜ਼ਮ ਵਿਰੋਧੀ ਚਿਹਰਾ!’
Punjab News, 19 ਜਨਵਰੀ 2026
ਪੰਜਾਬ ਦੀ ਸੱਤਾ ਵਿੱਚ ਜਦੋਂ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਈ ਹੈ, ਉਦੋਂ ਤੋਂ ਹੀ ਬਹੁਤ ਸਾਰੇ ਫੈਸਲੇ ਮੁਲਾਜ਼ਮ ਵਿਰੋਧੀ ਲਏ ਗਏ ਹਨ। ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਵੱਡੇ ਪੱਧਰ ‘ਤੇ ਮੁਲਾਜ਼ਮਾਂ ਦਾ ਰੋਸ ਇਸ ਗੱਲ ਨੂੰ ਹੈ ਕਿ, ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਂਦੇ ਹੀ ਅਧੂਰਾ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਚਿਹਰਾ ਖੁਦ ਹੀ ਵਿਖਾ ਦਿੱਤਾ ਹੈ।
ਪੁਰਾਣੇ ਪੈਨਸ਼ਨ ਬਹਾਲੀ ਦੇ ਸੰਬੰਧ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਇਕ ਭਾਰੀ ਇੱਕਤਰਤਾ ਮੋਗਾ ਦਾਣਾ ਮੰਡੀ ਵਿਖੇ ਕੀਤੀ ਗਈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਯੂਨੀਅਨ ਤੇ ਸੂਬਾ ਆਗੂ ਸੁਖਦੀਪ ਸਿੰਘ ਔਲਖ ਨੇ ਪੱਤਰਕਾਰਾਂ ਨੂੰ ਦੱਸਿਆ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਸਮੂਹ ਸਰਕਾਰੀ, ਅਰਧ ਸਰਕਾਰੀ, ਬੋਰਡ, ਯੂਨੀਵਰਸਿਟੀਆਂ, ਨਿਗਮਾਂ ਆਦਿ ਦੇ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਅਮਲੀ ਰੂਪ ’ਚ ਲਾਗੂ ਕਰਨ ਸਬੰਧੀ ਇਕ ਰੋਸ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੂੰ ਭੇਜਿਆ ਗਿਆ।
ਇਸ ਪੱਤਰ ’ਚ 18 ਨਵੰਬਰ 2022 ਦੇ ਨੋਟੀਫਿਕੇਸ਼ਨ ’ਚ ਸੋਧ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਹੜਤਾਲ ਸਮੇਂ ਤੋਂ ਐੱਨਪੀਐੱਸ ਮੁਲਾਜ਼ਮਾਂ ਦੇ ਜੀਪੀਐੱਫ ਨੰਬਰ ਅਲਾਟ ਕੀਤੇ ਜਾਣ, 1 ਜਨਵਰੀ 2004 ਤੋਂ ਬਾਅਦ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਮਜਬੂਰਨ ਸੰਘਰਸ਼ ਦੇ ਰਾਹ ਤੇ ਪੈ ਜਾਣਗੇ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਢਿਲੋਂ, ਮੀਤ ਪ੍ਰਧਾਨ ਰਜਿੰਦਰ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਸੰਤੋਖ ਸਿੰਘ, ਅਮਨਪ੍ਰੀਤ ਸਿੰਘ ਧੂੰਦਾ, ਵਿਕਾਸ ਤੇਜਪਾਲ ਆਦਿ ਹਾਜ਼ਰ ਸਨ।

