ਵੱਡੀ ਖ਼ਬਰ: ਆਤਿਸ਼ੀ ਖਿਲਾਫ਼ FIR ਦਰਜ ਕਰਵਾਉਣ ਲਈ SGPC ਪਹੁੰਚੀ ਦਿੱਲੀ ਪੁਲਿਸ ਕੋਲ..! ਸੌਂਪਿਆ ਮੰਗ ਪੱਤਰ

All Latest NewsNational NewsNews FlashPunjab NewsTop BreakingTOP STORIES

 

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਵਰਤੇ ਸ਼ਬਦਾਂ ਲਈ ਪਰਚਾ ਦਰਜ ਕਰਨ ਲਈ ਦਿੱਤੀ ਦਰਖ਼ਾਸਤ

ਨਵੀਂ ਦਿੱਲੀ/ਅੰਮ੍ਰਿਤਸਰ, 21 ਜਨਵਰੀ- 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਕਮਿਸ਼ਨਰ ਨੂੰ ਮਿਲਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ’ਚ ਪੁੱਜੇ ਵਫ਼ਦ ਵਿਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਮਨਵੀਤ ਸਿੰਘ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖ਼ਾਸਤ ਵਿਚ ਕਿਹਾ ਗਿਆ ਕਿ 6 ਜਨਵਰੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਅੰਦਰ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਤਕ ਸ਼ਬਦ ਵਰਤਦਿਆਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਸ ਵੱਲੋਂ ਵਰਤੇ ਗਏ ਸ਼ਬਦ ਵਿਧਾਨ ਸਭਾ ਦੀ ਕਾਰਵਾਈ ਵਿਚ ਵੀ ਦਰਜ ਹਨ। ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ ਦੇ ਉਪਦੇਸ਼ ਸਮੁੱਚੀ ਮਾਨੁੱਖਤਾ ਲਈ ਰਾਹ-ਦਸੇਰਾ ਹਨ। ਸਿੱਖ ਕੌਮ ਹਮੇਸ਼ਾਂ ਹੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਜਾਤ, ਪਾਤ, ਨਸਲ, ਭੇਦ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ। ਦਿੱਲੀ ਦੀ ਆਪ ਆਗੂ ਵੱਲੋਂ ਗੁਰੂ ਸਾਹਿਬਾਨ ਵਿਰੁੱਧ ਟਿੱਪਣੀਆਂ ਨੇ ਦੁਨੀਆ ਭਰ ਅੰਦਰ ਵੱਸੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ। ਉਸ ਵੱਲੋਂ ਇਹ ਟਿੱਪਣੀਆਂ ਜਾਣਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ।

ਪੁਲਿਸ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਜ਼ਿਕਰ ਕੀਤਾ ਗਿਆ ਕਿ ਇਸ ਸਮੇਂ ਜਦੋਂ ਭਾਰਤ ਸਮੇਤ ਪੂਰੀ ਦੁਨੀਆ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾ ਕੇ ਉਨ੍ਹਾਂ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਸਮੇਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦੁਆਰਾ ਗੁਰੂ ਸਾਹਿਬਾਨ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣੀ ਬੇਹੱਦ ਮੰਦਭਾਗੀ ਹੈ। ਵਫ਼ਦ ਨੇ ਪੁਲਿਸ ਕਮਿਸ਼ਨਰ ਪਾਸੋਂ ਆਪ ਆਗੂ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਪਰਚਾ ਦਰਜ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਤਾਂ ਜੋ ਅੱਗੇ ਤੋਂ ਕੋਈ ਵੀ ਸਿਆਸੀ ਆਗੂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹਰਕਤ ਨਾ ਕਰੇ।

 

Media PBN Staff

Media PBN Staff