BREAKING: ਪੰਜਾਬ ‘ਚ ਗਣਤੰਤਰ ਦਿਵਸ ਤੋਂ ਪਹਿਲਾਂ ਰੇਲ ਲਾਈਨ ‘ਤੇ ਵੱਡਾ ਧਮਾਕਾ, ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ: ਪੰਜਾਬ ‘ਚ ਗਣਤੰਤਰ ਦਿਵਸ ਤੋਂ ਪਹਿਲਾਂ ਰੇਲ ਲਾਈਨ ‘ਤੇ ਵੱਡਾ ਧਮਾਕਾ
Media PBN
ਚੰਡੀਗੜ੍ਹ, 24 ਜਨਵਰੀ 2026- ਪੰਜਾਬ ‘ਚ ਗਣਤੰਤਰ ਦਿਵਸ ਤੋਂ ਪਹਿਲਾਂ ਰੇਲ ਲਾਈਨ ‘ਤੇ ਵੱਡਾ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਿਵੇਂ ਹੀ ਧਮਾਕੇ ਦੀ ਸੂਚਨਾ ਪੁਲਿਸ ਨੂੰ ਲੱਗੀ ਤਾਂ ਭਾਰੀ ਮਾਤਰਾ ਵਿੱਚ ਪੁਲਿਸ ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਸਰਹੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਰੇਲ ਲਾਈਨ ‘ਤੇ ਹੋਇਆ।
ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰੇਲਵੇ ਲਾਈਨ ‘ਤੇ ਧਮਾਕਾ ਹੋਇਆ ਹੈ। ਉਨ੍ਹਾਂ ਨੇ ਮੰਨਿਆ ਕਿ ਇਹ ਧਮਾਕਾ ਕੋਈ ਬਹੁਤਾ ਵੱਡਾ ਨਹੀਂ ਸੀ, ਮਾਮੂਲੀ ਧਮਾਕਾ ਸੀ। ਹਾਲਾਂਕਿ ਉਨ੍ਹਾਂ ਨੇ ਇਹ ਵੀ ਆਖਿਆ ਕਿ ਇਸ ਧਮਾਕੇ ਨੂੰ ਅੱਤਵਾਦੀ ਹਮਲਾ ਕਹਿਣਾ ਗਲਤ ਹੋਵੇਗਾ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਹੋਇਆ ਨਾਨਕ ਸਿੰਘ ਨੇ ਕਿਹਾ ਕਿ ਕੁਝ ਮੀਡੀਆ ਇਸ ਹਮਲੇ ਨੂੰ ਅੱਤਵਾਦੀ ਹਮਲਾ ਕਹਿ ਕੇ ਚਲਾ ਰਹੇ ਨੇ ਜੋ ਕਿ ਬਿਲਕੁਲ ਗਲਤ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ। ਨਾਨਕ ਸਿੰਘ ਨੇ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਰੇਲ ਡਰਾਈਵਰ ਇਸ ਹਮਲੇ ਵਿੱਚ ਜ਼ਖਮੀ ਹੋਇਆ ਹੈ ਜਿਸ ਨੂੰ ਸਥਾਨਕ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਦੱਸ ਦਈਏ ਕਿ ਦੇਸ਼ ਭਰ ਦੇ ਅੰਦਰ 26 ਜਨਵਰੀ ਨੂੰ ਗਣਤੰਤਰ ਦਿਵਸ ਬੜੀ ਧੂਮਧਾਮ ਦੇ ਨਾਲ ਇਸ ਵਾਰ ਵੀ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਨੇ ਅਤੇ ਸੁਰੱਖਿਆ ਏਜੰਸੀਆਂ ਤੋਂ ਇਲਾਵਾ ਖੁਫੀਆ ਏਜੰਸੀਆਂ, ਦੇਸ਼ ਦੇ ਅੰਦਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਨੂੰ ਲੈ ਕੇ ਚੁਕੰਨੀਆਂ ਨੇ ਅਤੇ ਪੁਲਿਸ ਵੀ ਇਸ ਵਿੱਚ ਪੂਰਨ ਤੌਰ ‘ਤੇ ਏਜੰਸੀਆਂ ਦਾ ਸਹਿਯੋਗ ਕਰ ਰਹੀ ਹੈ।
ਸਰਹਿੰਦ ਰੇਲਵੇ ਲਾਈਨ ‘ਤੇ ਬਲਾਸਟ: ਡੀ.ਆਈ.ਜੀ. ਨਾਨਕ ਸਿੰਘ ਨੇ ਕਿਹਾ— “ਸਥਿਤੀ ਕੰਟਰੋਲ ਹੇਠ
ਬੀਤੀ ਰਾਤ ਸਰਹਿੰਦ ਵਿਖੇ ਰੇਲਵੇ ਲਾਈਨ ‘ਤੇ ਹੋਏ ਧਮਾਕੇ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੋਪੜ ਰੇਂਜ ਦੇ ਡੀ.ਆਈ.ਜੀ. ਨਾਨਕ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਬੜੀ ਗੰਭੀਰਤਾ ਅਤੇ ਸਾਇੰਟਿਫਿਕ ਤਰੀਕੇ ਨਾਲ ਜਾਂਚ ਕਰ ਰਹੀ ਹੈ।
ਡੀ.ਆਈ.ਜੀ. ਅਨੁਸਾਰ ਇਹ ਘਟਨਾ ਕੱਲ੍ਹ ਰਾਤ ਲਗਭਗ 9 ਵੱਜ ਕੇ 50 ਮਿੰਟ ‘ਤੇ ਉਸ ਵੇਲੇ ਵਾਪਰੀ ਜਦੋਂ ਉੱਥੋਂ ਇੱਕ ਰੇਲ ਗੱਡੀ ਗੁਜ਼ਰ ਰਹੀ ਸੀ। ਧਮਾਕੇ ਕਾਰਨ ਕਿਸੇ ਜਾਨੀ ਨੁਕਸਾਨ ਜਾਂ ਜਾਇਦਾਦ ਦੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਹੈ। ਰੇਲਵੇ ਟਰੈਕ ਵੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਜਲਦੀ ਹੀ ਇਸ ਨੂੰ ਆਵਾਜਾਈ ਲਈ ਬਹਾਲ ਕਰ ਦਿੱਤਾ ਜਾਵੇਗਾ।
ਗੱਡੀ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਉਹ ਖ਼ਤਰੇ ਤੋਂ ਬਾਹਰ ਹੈ ਅਤੇ ਪੁਲਿਸ ਉਸ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਰਾਤ ਤੋਂ ਹੀ ਮੌਕੇ ‘ਤੇ ਕੰਮ ਕਰ ਰਹੀਆਂ ਹਨ। ਹੋਰਨਾਂ ਸੁਰੱਖਿਆ ਏਜੰਸੀਆਂ ਨਾਲ ਵੀ ਤਾਲਮੇਲ (Inter-agency coordination) ਬਣਾਇਆ ਗਿਆ ਹੈ ਅਤੇ ਉਨ੍ਹਾਂ ਦੀਆਂ ਸਪੈਸ਼ਲਾਈਜ਼ਡ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦੀ ਕਾਰਵਾਈ ਹੋ ਸਕਦੀ ਹੈ, ਪਰ ਅਜੇ ਇਸ ਨੂੰ ‘ਅੱਤਵਾਦੀ ਗਤੀਵਿਧੀ’ ਕਹਿਣਾ ਜਲਦਬਾਜ਼ੀ ਹੋਵੇਗੀ ਕਿਉਂਕਿ ਜਾਂਚ ਅਜੇ ਮੁਢਲੇ ਪੜਾਅ ‘ਤੇ ਹੈ।
26 ਜਨਵਰੀ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ
ਆਉਣ ਵਾਲੇ ਗਣਤੰਤਰ ਦਿਵਸ (26 ਜਨਵਰੀ) ਅਤੇ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ, ਡੀ.ਆਈ.ਜੀ. ਨੇ ਕਿਹਾ ਕਿ ਪੁਲਿਸ ਪਹਿਲਾਂ ਹੀ ਮੁਸਤੈਦ ਸੀ ਅਤੇ ਹੁਣ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਨਾਕਾਬੰਦੀ ਵਧਾ ਦਿੱਤੀ ਗਈ ਹੈ ਅਤੇ ਹਰ ਇਨਪੁਟ ‘ਤੇ ਬਾਰੀਕੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਘਟਨਾ ਦੇ ਪਿੱਛੇ ਜੋ ਵੀ ਮੋਟਿਵ ਜਾਂ ਵਿਅਕਤੀ ਹੋਣਗੇ, ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

