ਭਗਵੰਤ ਮਾਨ ਦੀ ਲਾਰਾ ਲਾਉ ਨੀਤੀ ਖ਼ਿਲਾਫ਼ ਵਧਿਆ ਮੁਲਾਜ਼ਮਾਂ ਦਾ ਗੁੱਸਾ! 15 ਅਗਸਤ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
ਮੁੱਖ ਮੰਤਰੀ ਦੁਆਰਾ ਲਾਰੇ ਲਾਉਣ ਦੀ ਨੀਤੀ ਅਪਣਾਉਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ
ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣ ਦੇਖਾ ਕਰਨਾ ਸਰਕਾਰ ਨੂੰ ਪੈ ਸਕਦਾ ਮਹਿੰਗਾ :- ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ
ਪੰਜਾਬ ਨੈੱਟਵਰਕ, ਫਿਰੋਜ਼ਪੁਰ:
ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੁਲਤਵੀ ਕਰਨ ਦੀ ਨੀਤੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਵੱਲੋਂ ਅਜਿਹਾ ਕਰਨ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਜਥੇਬੰਦੀ ਦੇ ਸੂਬਾ ਕਨਵੀਨਰ ਰਸ਼ਪਾਲ ਸਿੰਘ ਜਲਾਲਾਬਾਦ ਨੇ ਦੱਸਿਆ ਜਲੰਧਰ ਪੱਛਮੀ ਦੀ ਜਿਮਣੀ ਚੋਣ ਮੌਕੇ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 7 ਜੁਲਾਈ ਨੂੰ ਕਿਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਨੇ ਫਰੰਟ ਦੇ ਆਗੂਆਂ ਨਾਲ 19 ਜੁਲਾਈ ਦੀ ਮੀਟਿੰਗ ਦਾ ਸਮਾਂ ਦਿੱਤਾ ਸੀ।
ਪਰ ਜਲੰਧਰ ਪੱਛਮੀ ਦੀਆਂ ਜਿਮਣੀ ਚੋਣਾਂ ਜਿੱਤਦੇ ਸਾਰ ਹੀ ਪੰਜਾਬ ਸਰਕਾਰ ਵੱਲੋਂ ਇਹ ਮੀਟਿੰਗ ਕਰਨ ਤੋਂ ਨਾਂਹ ਕਰ ਦਿੱਤੀ ਗਈ ਅਤੇ ਮੀਟਿੰਗ ਦਾ ਸਮਾਂ ਮੁੜ ਤੋਂ ਦੇਣ ਦਾ ਲਾਰਾ ਲਾਇਆ ਗਿਆ। ਪਰ ਬਹੁਤ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਫਰੰਟ ਨੂੰ ਕੋਈ ਮੀਟਿੰਗ ਦਾ ਸਮਾਂ ਨਹੀਂ ਮਿਲਿਆ।
ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਨੇ 15 ਅਗਸਤ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਦੁਆਰਾ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਫਰੰਟ ਦੇ ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਜਲੰਧਰ ਵਿਖੇ ਫਰੰਟ ਵੱਲੋਂ ਸੂਬਾ ਪੱਧਰ ਤੇ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ।