ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ 15 ਅਗਸਤ ਨੂੰ ਪੰਜਾਬ ਸਰਕਾਰ ਦੇ ਨਾਂ ਦਿੱਤੇ ਜਾਣਗੇ ਰੋਸ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਬਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ, ਦਰਸ਼ੀਕਾਂਤ ਰਾਜਪੁਰਾ, ਡਿੰਪਲ ਰੋਹੇਲਾ ਆਗੂ ਵੱਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਨਾ ਲਾਗੂ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਸਮੂਹ ਜਿਲਿਆਂ ਵਿੱਚ 15 ਅਗਸਤ ਨੂੰ ਝੰਡਾ ਲਹਿਰਾਉਣ ਸਮੇਂ ਦਿੱਤੇ ਜਾਣਗੇ।
ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਦੀ ਗੁਲਾਮੀ ਤੋਂ ਆਜ਼ਾਦੀ ਪ੍ਰਾਪਤ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਰ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਦੀਆਂ ਚੋਣਾ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਜੋਰ ਸ਼ੋਰ ਦੇ ਨਾਲ ਪ੍ਰਚਾਰ ਕੀਤਾ।
ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ ਗਿਆ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਦਾ 10% ਹਿੱਸਾ ਤੇ ਪੰਜਾਬ ਸਰਕਾਰ ਦਾ 14 ਪ੍ਰਤੀਸ਼ਤ ਹਿੱਸਾ ਕੱਟ ਕੇ ਪ੍ਰਾਈਵੇਟ ਕੰਪਨੀਆਂ ਨੂੰ ਲਗਾਤਾਰ ਭੇਜਿਆ ਜਾ ਰਿਹਾ ਹੈ। ਇੱਕ ਸਾਲ ਦਾ ਲਗਭਗ 5000 ਕਰੋੜ ਰੁਪਏ ਦਾ ਮਾਲੀਆ ਪ੍ਰਾਈਵੇਟ ਕੰਪਨੀਆਂ ਕੋਲ ਇਕੱਠਾ ਹੋ ਜਾਂਦਾ ਹੈ। ਜਿਸ ਨਾਲ ਜਿੱਥੇ ਮੁਲਾਜ਼ਮ ਨੂੰ ਨੁਕਸਾਨ ਹੁੰਦਾ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ। ਮੋਰਚੇ ਵੱਲੋਂ ਕੈਬਨਟ ਸਬ ਕਮੇਟੀ ਨਾਲ ਕਈ ਵਾਰੀ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਮੁਲਾਜ਼ਮਾਂ ਦੇ ਪੱਲੇ ਸਿਰਫ ਲਾਰੇ ਲੱਪੇ ਹੀ ਪਏ ਹਨ।
ਆਮ ਆਦਮੀ ਪਾਰਟੀ ਵੱਲੋਂ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ । ਪਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਡੰਗ ਟਪਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਮੁਲਾਜ਼ਮਾਂ ਵਿੱਚ ਸੰਘਰਸ਼ ਤਿੱਖਾ ਕਰਨ ਲਈ ਯਤਨ ਤੇਜ਼ ਕੀਤੇ ਜਾ ਰਹੇ ਹਨ। ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਜਲਦੀ ਤੋਂ ਜਲਦੀ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਖੋਲੇ ਜਾਣ ਤੇ ਐਨਪੀਐਸ ਦੀ ਕਟੌਤੀ ਬੰਦ ਕੀਤੀ ਜਾਵੇ। ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।