Kisan Protest: ਕਿਸਾਨਾਂ ਨੇ ਘੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ
ਦਲਜੀਤ ਕੌਰ, ਸੰਗਰੂਰ
Kisan Protest: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਸਥਾਨਕ ਪਟਿਆਲਾ ਬਾਈਪਾਸ ਪੁਲ ਥੱਲੇ ਇਕੱਠੇ ਹੋਏ ਅਤੇ ਉੱਥੋਂ ਰੋਸ ਮੁਜ਼ਾਹਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਤਿੰਨ ਘੰਟਿਆਂ ਲਈ ਰੋਸ਼ ਧਰਨਾ ਦੇ ਕੇ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
ਅੱਜ ਦੇ ਰੋਸ਼ ਧਰਨੇ ਦੀ ਅਗਵਾਈ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ,ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਨਜੀਤ ਰਾਜ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਅੱਜ ਦੇ ਰੋਸ ਧਰਨੇ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇ, ਵਾਟਰ ਅਲਾਉਂਸ ਨੂੰ ਰਿਵਾਈਜ਼ ਕੀਤਾ ਜਾਵੇ ਅਤੇ ਪਿੰਡਾਂ ਤੱਕ ਪੀਣ ਲਈ ਸਾਫ ਨਹਿਰੀ ਪਾਣੀ ਦਿੱਤਾ ਜਾਵੇ।
ਵਪਾਰ ਲਈ ਭਾਰਤ ਪਾਕਿਸਤਾਨ ਬਾਰਡਰ ਖੋਲੇ ਜਾਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰੀ ਜਾਵੇ, 60 ਸਾਲ ਦੀ ਉਮਰ ਤੋਂ ਬਾਅਦ ਕਿਸਾਨ ਮਰਦ ਅਤੇ ਔਰਤ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ, ਇਸੇ ਤਰ੍ਹਾਂ ਇੱਕ ਏਕੜ ਨੂੰ ਇਕਾਈ ਮੰਨ ਕੇ ਫਸਲਾਂ ਦਾ ਬੀਮਾ ਕੀਤਾ ਜਾਵੇ, ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ ਅਤੇ ਕਿਸਾਨਾਂ ਮਜਦੂਰਾਂ ਦੀਆਂ ਪਹਿਲਾਂ ਰਹਿੰਦੀਆਂ ਮੰਗਾਂ ਨੂੰ ਫੌਰੀ ਪੂਰਾ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਸਰਕਾਰ ਲਗਾਤਾਰ ਲਾਰੇ ਲਾ ਰਹੀ ਹੈ ਪਰ ਨਾ ਤਾਂ ਅਜੇ ਤੱਕ ਖੇਤੀ ਨੀਤੀ ਜਾਰੀ ਕੀਤੀ ਗਈ ਹੈ ਤੇ ਨਾ ਹੀ ਪੰਜਾਬ ਦੇ ਪਾਣੀਆਂ ਦੇ ਮਸਲੇ ਦਾ ਕੋਈ ਠੋਸ ਹੱਲ ਕੀਤਾ ਗਿਆ ਹੈ ਤੇ ਨਾ ਹੀ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਬਾਰੇ ਕੋਈ ਨੀਤੀ ਲੈ ਕੇ ਆਈ ਹੈ। ਜੇਕਰ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਸਰਕਾਰ ਨੇ ਇਨ੍ਹਾਂ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਲਈ ਆਗੂਆਂ ਨੇ ਲੋਕਾਂ ਨੂੰ ਤਿਆਰ ਰਹਿਣ ਦਾ ਸੱਦਾ ਦਿੱਤਾ।
ਅੱਜ ਦੇ ਰੋਸ ਧਰਨੇ ਨੂੰ ਬੀਕੇਯੂ ਲੱਖੋਵਾਲ ਦੇ ਆਗੂ ਰਣਜੀਤ ਸਿੰਘ ਰੂੜੇਕੇ ਕਲਾਂ, ਬੀਕੇਯੂ ਕਾਦੀਆਂ ਦੇ ਸੂਬਾ ਆਗੂ ਗੁਰਨਾਮ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਜੰਟ ਸਿੰਘ ਮਾਨਸਾ, ਜੈ ਕਿਸਾਨ ਅੰਦੋਲਨ ਦੇ ਆਗੂ ਬੂਟਾ ਸਿੰਘ ਠੀਕਰੀਵਾਲ, ਕਿਸਾਨ ਆਗੂ ਭਜਨ ਸਿੰਘ ਢੱਡਰੀਆਂ, ਮਨਜਿੰਦਰ ਸਿੰਘ ਘਾਬਦਾਂ, ਦਰਸ਼ਨ ਸਿੰਘ ਮਹਿਤਾ, ਕੁਲਵਿੰਦਰ ਸਿੰਘ ਮਾਝਾ, ਸ਼ਿੰਗਾਰਾ ਸਿੰਘ, ਸਿਕੰਦਰ ਸਿੰਘ ਭੂਰੇ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਸਵਰਨਜੀਤ ਸਿੰਘ, ਮਹਿੰਦਰ ਸਿੰਘ ਭੱਠਲ ਨੇ ਵੀ ਸੰਬੋਧਨ ਕੀਤਾ।