ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।