ADR Big reveal! ਭਾਜਪਾ ਦੇ 54 MPs/ MLAs ਸਮੇਤ 151 ਸੰਸਦ ਮੈਂਬਰਾਂ ਅਤੇ ਵਿਧਾਇਕਾਂ ‘ਤੇ ਔਰਤਾਂ ਵਿਰੁੱਧ ਅਪਰਾਧਾਂ ਦੇ ਦੋਸ਼, 16 ਖਿਲਾਫ ਬਲਾਤਕਾਰ ਦੇ ਕੇਸ ਦਰਜ
ADR Big reveal: ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਦੀ ਤਾਜ਼ਾ ਰਿਪੋਰਟ ‘ਚ ਇਹ ਖੁਲਾਸਾ ਹੋਇਆ
ਨਵੀਂ ਦਿੱਲੀ
ADR Big reveal! ਦੇਸ਼ ਦੇ 151 ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੇ ਚੋਣ ਹਲਫਨਾਮਿਆਂ ਵਿੱਚ ਔਰਤਾਂ ਵਿਰੁੱਧ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਦਾ ਐਲਾਨ ਕੀਤਾ ਹੈ। ਇਹ ਮਾਮਲੇ ਜਿਨਸੀ ਸ਼ੋਸ਼ਣ ਤੋਂ ਲੈ ਕੇ ਬਲਾਤਕਾਰ ਤੱਕ ਦੇ ਹਨ। ਪੱਛਮੀ ਬੰਗਾਲ ਇਸ ਸੂਚੀ ਵਿਚ ਸਿਖਰ ‘ਤੇ ਹੈ, ਜਿੱਥੇ ਸਭ ਤੋਂ ਵੱਧ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਅਜਿਹੇ ਦੋਸ਼ਾਂ ਦਾ ਸਾਹਮਣਾ ਕੀਤਾ ਹੈ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਦੀ ਤਾਜ਼ਾ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ।
ਏਡੀਆਰ ਰਿਪੋਰਟ ਵਿੱਚ 2019 ਤੋਂ 2024 ਦੀਆਂ ਚੋਣਾਂ ਦੌਰਾਨ ਸੰਸਦ ਮੈਂਬਰਾਂ ਵੱਲੋਂ ਦਿੱਤੇ ਗਏ 4,693 ਹਲਫ਼ਨਾਮਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਪੱਛਮੀ ਬੰਗਾਲ ਦੇ ਸੰਸਦ ਮੈਂਬਰ ਅਤੇ ਵਿਧਾਇਕ ਔਰਤਾਂ ਨਾਲ ਸਬੰਧਤ ਅਪਰਾਧਾਂ ਵਿੱਚ ਸਭ ਤੋਂ ਵੱਧ ਸ਼ਾਮਲ ਹਨ। ਉਥੋਂ ਦੇ 25 ਸੰਸਦ ਮੈਂਬਰ ਅਤੇ ਵਿਧਾਇਕ ਅਜਿਹੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਆਂਧਰਾ ਪ੍ਰਦੇਸ਼ ਵਿੱਚ 21 ਅਤੇ ਉੜੀਸਾ ਵਿੱਚ 17 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਉੱਤੇ ਅਜਿਹੇ ਦੋਸ਼ ਲਾਏ ਗਏ ਹਨ।
ਏਡੀਆਰ ਰਿਪੋਰਟ ਵਿੱਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਆਈਪੀਸੀ ਦੀ ਧਾਰਾ 376 ਦੇ ਤਹਿਤ 2 ਮੌਜੂਦਾ ਸੰਸਦ ਮੈਂਬਰਾਂ ਅਤੇ 14 ਵਿਧਾਇਕਾਂ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚ ਕੁਝ ਅਜਿਹੇ ਮਾਮਲੇ ਵੀ ਸ਼ਾਮਲ ਹਨ, ਜਿਨ੍ਹਾਂ ‘ਚ ਇਕ ਹੀ ਪੀੜਤ ‘ਤੇ ਵਾਰ-ਵਾਰ ਹਮਲਾ ਕੀਤਾ ਗਿਆ ਸੀ।
ਜੇਕਰ ਪਾਰਟੀ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਇਸ ਮਾਮਲੇ ‘ਚ ਸਭ ਤੋਂ ਅੱਗੇ ਹਨ। ਭਾਜਪਾ ਦੇ 54 ਸੰਸਦ ਮੈਂਬਰਾਂ-ਵਿਧਾਇਕਾਂ ‘ਤੇ ਔਰਤਾਂ ਵਿਰੁੱਧ ਅਪਰਾਧ ਦੇ ਮਾਮਲੇ ਦਰਜ ਹਨ। ਉਸ ਤੋਂ ਬਾਅਦ ਕਾਂਗਰਸ ਦੇ 23 ਸੰਸਦ ਮੈਂਬਰਾਂ ਅਤੇ 17 ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੰਸਦ ਮੈਂਬਰਾਂ-ਵਿਧਾਇਕਾਂ ‘ਤੇ ਅਜਿਹੇ ਦੋਸ਼ ਲੱਗੇ ਹਨ। ਭਾਜਪਾ ਅਤੇ ਕਾਂਗਰਸ ਦੇ ਪੰਜ-ਪੰਜ ਮੌਜੂਦਾ ਸੰਸਦ ਮੈਂਬਰਾਂ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਬਾਰੇ ਏਡੀਆਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨਾ ਖੜ੍ਹੇ ਕਰਨ। ਟਿਕਟਾਂ ਖਾਸ ਤੌਰ ‘ਤੇ ਉਨ੍ਹਾਂ ਨੇਤਾਵਾਂ ਨੂੰ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ ਜਿਨ੍ਹਾਂ ‘ਤੇ ਔਰਤਾਂ ਵਿਰੁੱਧ ਅਪਰਾਧਾਂ ਨਾਲ ਜੁੜੇ ਦੋਸ਼ ਹਨ। ਇਸ ਰਿਪੋਰਟ ਵਿੱਚ ਅਦਾਲਤਾਂ ਨੂੰ ਅਜਿਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ। ਲੋਕਾਂ ਨੂੰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਉਮੀਦਵਾਰਾਂ ਨੂੰ ਵੋਟ ਨਾ ਪਾਉਣ ਦੀ ਵੀ ਅਪੀਲ ਕੀਤੀ ਗਈ ਹੈ।